ਕਣਕ ਦੀ ਖਰੀਦ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਿਆਂ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ , 14 ਅਪ੍ਰੈਲ 2026: ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਖਰੀਦ ਮਾਪ ਦੰਡਾ ਤੇ ਪੂਰਾ ਨਾਂ ਹੋਣ ਦੇ ਪੁਰਾਣੇ ਲੰਗੜੇ ਬਹਾਨੇ ਹੇਠ ਕਣਕ ਦੀ ਖਰੀਦ ਨਾ ਕਰਨ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 16 ਅਪ੍ਰੈਲ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਭਾਰੀ ਮੀਂਹ, ਝੱਖੜ ਅਤੇ ਹਨੇਰੀ ਨੇ ਕਣਕ ਦੀ ਫਸਲ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ। ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ ਹੈ ਅਤੇ ਹਰ ਵੇਲੇ ਉਕਤ ਘਟਨਾਵਾਂ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਹੁਣ ਜੋ ਕਣਕ ਦੀ ਫਸਲ ਪੱਕ ਕੇ ਮੰਡੀਆਂ ਵਿੱਚ ਆ ਰਹੀ ਹੈ ਉਸ ਦੀ ਖਰੀਦ ਨਾ ਹੋਣ ਕਰਕੇ ਦਾਣਾ ਮੰਡੀਆਂ ਵਿੱਚ ਕਣਕ ਮੰਡੀਆਂ ਵਿੱਚ ਕਣਕ ਦੈ ਅੰਬਾਰ ਲੱਗ ਗਏ ਹਨ। ਕਿਉਂਕਿ ਕੇਂਦਰ ਸਰਕਾਰ ਵੱਲਂ ਖਰੀਦ ਤੇ ਲਾਈਆਂ ਸਖਤ ਸ਼ਰਤਾਂ ਕਾਰਨ ਖਰੀਦ ਏਜੰਸੀਆਂ ਨੇ ਕਣਕ ਖਰੀਦਣ ਤੋਂ ਇਨਕਾਰ ਕੀਤੀ ਹੋਈ ਹੈ ਜਿਸ ਸਬੰਧੀ ਪੰਜਾਬ ਸਰਕਾਰ ਨੇ ਵੀ ਚੁੱਪ ਧਾਰ ਲਈ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਕੇਂਦਰ ਅਤੇ ਰਾਜ ਸਰਕਾਰਾਂ ਫਸਲਾਂ ਦੀ ਖਰੀਦ ਤੇ ਸਖਤ ਸਰਤਾਂ ਮੜ ਕੇ ਖਰੀਦ ਤੋਂ ਭੱਜਣ ਲਈ ਕਈ ਸਾਲਾਂ ਤੋਂ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕ ਜਥੇਬੰਦੀਆਂ ਦੇ ਸੰਘਰਸ਼ ਕਾਰਨ ਹਾਲੇ ਤੱਕ ਸਰਕਾਰੀ ਖਰੀਦ ਜਾਰੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਕਣਕ ਦੇ ਦਾਣੇ ਡੈਮੇਜ ਜਾਂ ਡਿਸਕਲਰ ਹੋਏ ਹਨ, ਉਹਨਾਂ ਤੇ ਸ਼ਰਤਾਂ ਖਤਮ ਜਾਂ ਨਰਮ ਕਰਕੇ ਕਿਸਾਨਾਂ ਨੂੰ ਰਾਹਤ ਤਾਂ ਕੀ ਦੇਣੀ ਸੀ ਜੋ ਹੁਣ ਫਸਲ ਮੰਡੀ ਵਿੱਚ ਆਈ ਹੈ ਉਸ ਨੂੰ ਵੀ ਨਾ ਖਰੀਦ ਕੇ ਕਿਸਾਨਾਂ ਨੂੰ 10 ਦਿਨਾਂ ਤੋਂ ਵੱਧ ਸਮੇਂ ਤੋਂ ਮੰਡੀਆਂ ਵਿੱਚ ਰੋਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਤੋਂ ਹੱਥ ਖੜੇ ਕਰਾ ਕੇ ਜਮੀਨਾਂ ਖੋਹਣ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਕਣਕ ਦੀ ਖਰੀਦ ਤੇ ਲਾਈਆਂ ਬੇਲੋੜੀਆਂ ਸ਼ਰਤਾਂ ਖਤਮ ਕਰਕੇ ਤੁਰੰਤ ਸਾਰੀ ਕਣਕ ਦੀ ਖਰੀਦ ਪੂਰੇ ਸਰਕਾਰੀ ਭਾਅ ਤੇ ਸੁਰੂ ਕੀਤੀ ਜਾਵੇ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫਸਲਾਂ ਦੀ ਰਾਖੀ ਲਈ 16 ਅਪ੍ਰੈਲ ਨੂੰ ਵੱਧ ਤੋਂ ਵੱਧ ਧਰਨੇ ਵਿੱਚ ਸ਼ਮੂਲੀਅਤ ਕਰਨ।
Click to Follow Babushahi Facebook page →