ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ ਮੰਤਰੀ ਖੁੱਡੀਆਂ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਨਵਾਂ ਕਾਨੂੰਨ ਜਲਦ ਲਾਗੂ
ਅਸ਼ੋਕ ਵਰਮਾ
ਬਠਿੰਡਾ,14 ਅਪ੍ਰੈਲ 2026 : ਅੱਜ ਪਵਿੱਤਰ ਤਿਉਹਾਰ ਵਿਸਾਖੀ ਦੇ ਮੌਕੇ ‘ਤੇ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ।
ਕੈਬਿਨਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਨ ਸਿੱਖ ਕੌਮ ਦੀ ਸ਼ਾਨ, ਬਹਾਦਰੀ ਅਤੇ ਅਟੱਲ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਸਾਨੂੰ ਸਦਾ ਸੱਚ ਅਤੇ ਜਬਰ-ਜ਼ੁਲਮ ਦੇ ਖ਼ਿਲਾਫ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਾਨੂੰ ਆਪਣੇ ਅਸੂਲਾਂ ‘ਤੇ ਡਟੇ ਰਹਿਣ ਦੀ ਸਿੱਖਿਆ ਦਿੰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਨਿਆਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਅਮਨ-ਸ਼ਾਂਤੀ, ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਆਪਸੀ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਅਤੇ ਸਮਾਜ ਵਿੱਚ ਪਿਆਰ ਤੇ ਸਦਭਾਵਨਾ ਦਾ ਸੰਦੇਸ਼ ਫੈਲਾਇਆ ਜਾਵੇ।
ਇਸ ਮੌਕੇ ਕੈਬਿਨੇਟ ਮੰਤਰੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੰਬੰਧੀ ਨਵਾਂ ਕਾਨੂੰਨ ਤਿਆਰ ਕੀਤਾ ਗਿਆ ਹੈ, ਜੋ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ ਅਤੇ ਉਮੀਦ ਹੈ ਕਿ ਇਹ ਛੇਤੀ ਹੀ ਪਾਸ ਹੋ ਕੇ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਸੰਬੰਧਿਤ ਮਸਲਿਆਂ ‘ਤੇ ਗੱਲ ਕਰਦਿਆਂ ਕਿਹਾ ਕਿ ਕਣਕਾਂ ਦੀ ਖਰੀਦ ਅਤੇ ਪ੍ਰਬੰਧਾ ਲਈ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਸੁੱਚਜੇ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਸਮੇਂ ਸਿਰ ਭੁਗਤਾਨ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਰੁਕਾਵਟ ਨਾ ਆਵੇ।
ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਧਾਰਮਿਕ ਤੇ ਸਮਾਜਿਕ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਸਮਾਜ ਵਿੱਚ ਏਕਤਾ,ਭਾਈਚਾਰੇ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।
Click to Follow Babushahi Facebook page →