ਬਟਾਲਾ ਲਈ ਅੱਜ ਵੱਡਾ ਦਿਨ: CM Mann 176 ਕਰੋੜ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਦੇਣਗੇ ਸੌਗਾਤ
ਬਟਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਅੱਜ ਬਟਾਲਾ ਸ਼ਹਿਰ ਨੂੰ ਵੱਡੀਆਂ ਸੌਗਾਤਾਂ ਦੇਣਗੇ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਅਧੀਨ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ, ਜੋ ਇਸ ਖੇਤਰ ਦੀ ਕਾਇਆ-ਕਲਪ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਸ਼ਹਿਰੀ ਵਿਕਾਸ ਨੂੰ ਗਤੀ ਦੇਣ ਲਈ ਨਗਰ ਨਿਗਮ ਅਧੀਨ 95.72 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੰਡੀ ਬੋਰਡ ਦੇ 16.10 ਕਰੋੜ ਦੇ ਕੰਮਾਂ ਦਾ ਆਗਾਜ਼ ਹੋਵੇਗਾ।
ਲੋਕ ਨਿਰਮਾਣ ਵਿਭਾਗ (PWD) ਰਾਹੀਂ 65.09 ਕਰੋੜ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਸ਼ਹਿਰ ਦੀ ਟ੍ਰੈਫਿਕ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਨਵੇਂ ਬੱਸ ਸਟੈਂਡ ਦੇ ਨਿਰਮਾਣ ਦਾ ਵੱਡਾ ਐਲਾਨ ਕਰਨਗੇ। ਇਸ ਤੋਂ ਇਲਾਵਾ ਬਟਾਲਾ ਵਿੱਚ ਨਵੀਂ ਪੁਲਿਸ ਲਾਈਨ ਬਣਾਉਣ ਅਤੇ ਮਨਸੂਰਕੋਟਲਾ ਡਰੇਨ, ਗ੍ਰੇਟਰ ਕੈਲਾਸ਼ ਨੇੜੇ ਹੰਸਾਲੀ ਅਤੇ ਕਸੂਰ ਡਰੇਨ 'ਤੇ ਨਵੇਂ ਪੁਲਾਂ ਦੇ ਨਿਰਮਾਣ ਦਾ ਵੀ ਐਲਾਨ ਕੀਤਾ ਜਾਵੇਗਾ।
ਅੱਜ ਦੇ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪੰਜਾਬ ਵਾਸੀਆਂ ਨੂੰ ਸੰਬੋਧਨ ਵੀ ਕਰਨਗੇ, ਜਿਸ ਵਿੱਚ ਉਹ ਆਉਣ ਵਾਲੇ ਸਮੇਂ ਲਈ ਸਰਕਾਰ ਦੀਆਂ ਹੋਰ ਵਿਕਾਸ ਯੋਜਨਾਵਾਂ ਅਤੇ ਨੀਤੀਆਂ ਬਾਰੇ ਚਾਨਣਾ ਪਾਉਣਗੇ। ਇਹ ਪ੍ਰੋਜੈਕਟ ਬਟਾਲਾ ਦੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਵੱਲ ਇੱਕ ਇਤਿਹਾਸਕ ਕਦਮ ਮੰਨੇ ਜਾ ਰਹੇ ਹਨ।
- Download Babushahi App
-
-