ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵੱਲੋਂ ਪਹਿਲੀ ਕਨਵੋਕੇਸ਼ਨ ਦੀਆਂ ਤਿਆਰੀਆਂ ਮੁਕੰਮਲ
ਗਵਰਨਰ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ 525 ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ ਡਿਗਰੀਆਂ
ਰੋਹਿਤ ਗੁਪਤਾ
ਗੁਰਦਾਸਪੁਰ 22 ਅਪ੍ਰੈਲ 2026- ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਆਪਣੀ ਪਹਿਲੀ ਕਨਵੋਕੇਸ਼ਨ 23 ਅਪ੍ਰੈਲ 2026 ਨੂੰ ਮਨਾਉਣ ਜਾ ਰਹੀ ਹੈ। ਇਸ ਇਤਿਹਾਸਕ ਮੌਕੇ ਬਾਰੇ ਜਾਣਕਾਰੀ ਦਿੰਦਿਆਂ ਵਾਇਸ ਚਾਂਸਲਰ ਡਾ. ਐਸ. ਕੇ. ਮਿਸ਼ਰਾ ਨੇ ਦੱਸਿਆ ਕਿ ਇਹ ਯੂਨੀਵਰਸਿਟੀ ਦਾ ਪਹਿਲਾ ਅਜਿਹਾ ਸਮਾਰੋਹ ਹੈ, ਜੋ ਸੰਸਥਾ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।ਇਸ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਅਤੇ ਪੰਜਾਬ ਦੇ ਮਾਨਯੋਗ ਗਵਰਨਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇਣਗੇ। ਉਨ੍ਹਾਂ ਦੇ ਨਾਲ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ।
ਡਾ. ਮਿਸ਼ਰਾ ਨੇ ਦੱਸਿਆ ਕਿ ਇਸ ਵਾਰ ਕੁੱਲ 525 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ ਸਾਲ 2022, 2023 ਅਤੇ 2024 ਦੇ ਬੈਚਾਂ ਦੌਰਾਨ ਦਾਖਲਾ ਲੈਣ ਵਾਲੇ ਅਤੇ ਆਪਣੀ ਪੜ੍ਹਾਈ ਮੁਕੰਮਲ ਕਰਨ ਵਾਲੇ ਵਿਦਿਆਰਥੀ ਸ਼ਾਮਲ ਹਨ।ਵਾਇਸ ਚਾਂਸਲਰ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਯੂਨੀਵਰਸਿਟੀ ਇੰਨੇ ਵੱਡੇ ਪੱਧਰ 'ਤੇ ਕਨਵੋਕੇਸ਼ਨ ਕਰਵਾ ਰਹੀ ਹੈ, ਜਿਸ ਨੂੰ ਲੈ ਕੇ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਸਮਾਰੋਹ ਨੂੰ ਸਫਲ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Click to Follow Babushahi Facebook page →