ਵੱਡੀ ਖ਼ਬਰ: MP ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਜ਼ੂਡੀਸ਼ੀਅਲ ਕਸਟੱਡੀ 'ਚ ਭੇਜਿਆ, ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ
ਅਜਨਾਲਾ/ਅੰਮ੍ਰਿਤਸਰ 25 ਅਪ੍ਰੈਲ 2026: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੱਜ ਅਜਨਾਲਾ ਅਦਾਲਤ ਵਿੱਚ ਅਹਿਮ ਸੁਣਵਾਈ ਹੋਈ। ਦੋ ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਉਸ ਨੂੰ 30 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।
ਸੂਤਰ ਦੱਸਦੇ ਹਨ ਕਿ ਸੁਰੱਖਿਆ ਕਾਰਨਾਂ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਸਰੀਰਕ ਤੌਰ 'ਤੇ ਅਦਾਲਤ ਵਿੱਚ ਨਹੀਂ ਲਿਆਂਦਾ ਗਿਆ। ਉਸ ਦੀ ਪੇਸ਼ੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ। ਪੁਲਿਸ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਹੋਈ ਪੁੱਛਗਿੱਛ ਤੋਂ ਬਾਅਦ ਅੱਜ ਅਦਾਲਤ ਨੂੰ ਸੂਚਿਤ ਕੀਤਾ, ਜਿਸ ਉਪਰੰਤ ਅਦਾਲਤ ਨੇ ਅੰਮ੍ਰਿਤਪਾਲ ਨੂੰ ਜੇਲ੍ਹ ਭੇਜਣ (ਨਿਆਇਕ ਹਿਰਾਸਤ) ਦਾ ਫੈਸਲਾ ਸੁਣਾਇਆ।
ਅਜਨਾਲਾ ਕੇਸ ਦੇ ਸਬੰਧ ਵਿੱਚ ਹੋਈ ਇਸ ਕਾਰਵਾਈ ਦੌਰਾਨ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਿਰਾਸਤ 30 ਅਪ੍ਰੈਲ ਤੱਕ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਫਿਲਹਾਲ ਅਸਾਮ ਦੀ ਉੱਚ ਸੁਰੱਖਿਆ ਵਾਲੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਉਸ ਵਿਰੁੱਧ ਕਾਰਵਾਈ ਜਾਰੀ ਹੈ।
Click to Follow Babushahi Facebook page →