ਅਕਾਲੀ ਦਲ ਵਾਰਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ 28 ਅਪ੍ਰੈਲ ਨੂੰ ਆਉਣਗੇ ਖੰਨਾ
ਰਵਿੰਦਰ ਢਿੱਲੋਂ
ਖੰਨਾ/ਪਾਇਲ 26 ਅਪ੍ਰੈਲ 2026: ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਅਤੇ 'ਅਕਾਲੀ ਦਲ ਵਾਰਸ ਪੰਜਾਬ' ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਖਾਲਸਾ 28 ਅਪ੍ਰੈਲ ਨੂੰ ਖੰਨਾ ਦਾ ਦੌਰਾ ਕਰਨਗੇ। ਇਸ ਸਬੰਧੀ ਜਾਣਕਾਰੀ ਅਕਾਲੀ ਦਲ ਵਾਰਸ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।
ਸੰਦੀਪ ਸਿੰਘ ਰੁਪਾਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਪਾਰਟੀ ਦਾ ਸੰਗਠਨਾਤਮਕ ਵਿਸਥਾਰ ਕਰਨ ਅਤੇ ਲੋਕਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਬਾਪੂ ਤਰਸੇਮ ਸਿੰਘ ਖਾਲਸਾ ਵੱਲੋਂ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕਾਰਜਸ਼ੈਲੀ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ।
28 ਅਪ੍ਰੈਲ ਨੂੰ ਖੰਨਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਦਾ ਮੁੱਖ ਮੰਤਵ ਨਵੇਂ ਜੁੜ ਰਹੇ ਮੈਂਬਰਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਿਲ ਕਰਵਾਉਣਾ ਹੈ। ਮੀਟਿੰਗ ਨੂੰ ਬਾਪੂ ਤਰਸੇਮ ਸਿੰਘ ਖਾਲਸਾ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਸੰਬੋਧਨ ਕਰਨਗੇ। ਇਸ ਮੌਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਣਗੇ।
ਸੰਦੀਪ ਸਿੰਘ ਰੁਪਾਲੋਂ ਨੇ ਇਲਾਕੇ ਦੀਆਂ ਸੰਗਤਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ਵਿੱਚ ਹੁੰਮ-ਹੁਮਾ ਕੇ ਪਹੁੰਚਣ ਤਾਂ ਜੋ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਅਤੇ ਪੰਜਾਬ ਦੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।
Click to Follow Babushahi Facebook page →