ਐਮਪੀ ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ
ਕੁਲਵਿੰਦਰ ਸਿੰਘ / ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ (ਪੰਜਾਬ), 2 ਮਈ, 2026:
ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਅੱਜ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕਰਵਾਈ ਗਈ। ਸੁਣਵਾਈ ਦੌਰਾਨ ਉਨ੍ਹਾਂ ਨੂੰ ਜੇਲ੍ਹ ਤੋਂ ਵੀਸੀ ਰਾਹੀਂ ਅਦਾਲਤ ਨਾਲ ਜੋੜਿਆ ਗਿਆ। ਇਸ ਮੌਕੇ ਉਨ੍ਹਾਂ ਦੇ ਵਕੀਲ ਐਡਵੋਕੇਟ ਰਤੂ ਰਾਜ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਸ ਦੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਵਕੀਲ ਨੇ ਦੱਸਿਆ ਕਿ ਪਿਛਲੀ ਸੁਣਵਾਈ 30 ਤਰੀਖ ਨੂੰ ਅਜਨਾਲਾ ਵਿੱਚ ਹੋਈ ਸੀ, ਜਿੱਥੇ ਚਲਾਨ ਪੇਸ਼ ਕੀਤਾ ਗਿਆ ਸੀ। ਉਸ ਤੋਂ ਬਾਅਦ ਕੇਸ ਨੂੰ ਸੈਸ਼ਨ ਅਦਾਲਤ ਵਿੱਚ ਭੇਜਿਆ ਗਿਆ ਅਤੇ ਅੱਜ ਐਡੀਸ਼ਨਲ ਸੈਸ਼ਨ ਜੱਜ ਅੱਗੇ ਪੇਸ਼ੀ ਹੋਈ। ਉਨ੍ਹਾਂ ਕਿਹਾ ਕਿ ਅੱਜ ਅਦਾਲਤ ਵਿੱਚ ਚਾਰਜਾਂ ਸਬੰਧੀ ਕਾਰਵਾਈ ਹੋਈ, ਪਰ ਬਚਾਅ ਪੱਖ ਵੱਲੋਂ ਚਲਾਨ ਪੜ੍ਹਨ ਅਤੇ ਇਤਰਾਜ਼ ਦਰਜ ਕਰਨ ਲਈ ਸਮਾਂ ਮੰਗਿਆ ਗਿਆ ਹੈ। ਐਡਵੋਕੇਟ ਸੰਧੂ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜ ਬੇਬੁਨਿਆਦ ਹਨ ਅਤੇ ਕੇਸ ਵਿੱਚ ਕੋਈ ਢੁੱਕਵੀਂ ਬਰਾਮਦਗੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਨਾ ਤਾਂ ਕੋਈ ਹਥਿਆਰ ਬਰਾਮਦ ਹੋਏ ਹਨ ਅਤੇ ਨਾ ਹੀ ਕੋਈ ਅਜਿਹਾ ਸਬੂਤ ਮਿਲਿਆ ਹੈ ਜੋ ਦੋਸ਼ਾਂ ਨੂੰ ਮਜ਼ਬੂਤ ਕਰੇ। ਉਨ੍ਹਾਂ ਦਾ ਕਹਿਣਾ ਸੀ ਕਿ ਪਹਿਲਾਂ ਰਿਮਾਂਡ ਲੈਣ ਲਈ ਵੱਖ-ਵੱਖ ਆਧਾਰ ਪੇਸ਼ ਕੀਤੇ ਜਾਂਦੇ ਰਹੇ, ਪਰ ਹੁਣ ਤੱਕ ਕੋਈ ਵੱਡਾ ਸਬੂਤ ਸਾਹਮਣੇ ਨਹੀਂ ਆਇਆ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਜੇਲ੍ਹ ਹਿਰਾਸਤ ਵਿੱਚ ਹਨ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ੀਆਂ ਹੋ ਰਹੀਆਂ ਹਨ। ਪੰਜਾਬ ਲਿਆਉਣ ਸਬੰਧੀ ਸਵਾਲ ‘ਤੇ ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਟਰਾਇਲ ਉੱਥੇ ਚੱਲ ਰਹੀ ਹੈ, ਪਰ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਪੰਜਾਬ ਲਿਆਉਣ ਲਈ ਅਪੀਲ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ ਮੰਗਲਵਾਰ ਲਈ ਨਿਰਧਾਰਤ ਕੀਤੀ ਗਈ ਹੈ।
Click to Follow Babushahi Facebook page →