Tarn Taran Crime: ਜਗਰਾਤਾ ਦੇਖ ਕੇ ਘਰ ਮੁੜ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਫਤਿਆਬਾਦ ਪਿੰਡ 'ਚ ਸੋਗ ਦੀ ਲਹਿਰ
ਬਲਜੀਤ ਸਿੰਘ
ਪੱਟੀ/ਤਰਨ ਤਾਰਨ 13 ਮਈ, 2026
ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਵਿੱਚ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ 22 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਵੀ ਸਿੰਘ ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਪਿੰਡ ਦੇ ਬਾਬਾ ਕਰਮ ਸ਼ਾਹ ਦਾਤਾਂ ਦੇ ਨੇੜੇ ਵਾਪਰੀ ਜਦੋਂ ਰਵੀ ਸਿੰਘ ਰਾਤ ਤਕਰੀਬਨ ਦੋ ਵਜੇ ਜਗਰਾਤਾ ਦੇਖ ਕੇ ਆਪਣੇ ਘਰ ਵਾਪਸ ਪਰਤ ਰਿਹਾ ਸੀ। ਰਸਤੇ ਵਿੱਚ ਘਾਤ ਲਗਾ ਕੇ ਬੈਠੇ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਦੁਖਦਾਈ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ (Investigation) ਕੀਤੀ ਜਾ ਰਹੀ ਹੈ ਅਤੇ ਆਲੇ-ਦੁਆਲੇ ਦੇ CCTV ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
- Download Babushahi App
-
-