ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸ਼ਹਿਰ 'ਚ ਲੱਗੇ ਕੂੜੇ ਦੇ ਢੇਰਾਂ ਦਾ ਠੀਕਰਾ ਸਰਕਾਰ ਸਿਰ ਫੋੜਿਆ
ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਬਠਿੰਡਾ ਦਾ ਬੁਰਾ ਹਾਲ, ਲੋਕ ਪਰੇਸ਼ਾਨ
ਅਸ਼ੋਕ ਵਰਮਾ
ਬਠਿੰਡਾ, 17 ਮਈ 2026 : ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀ ਜਾਰੀ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਡਗਮਗਾਉਣ ਦੇ ਮਾਮਲੇ ਵਿੱਚ ਭਾਰਤੀ ਜਨਤਾ ਪਾਰਟੀ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਇਸ ਦਾ ਠੀਕਰਾ ਪੰਜਾਬ ਸਰਕਾਰ ਸਿਰਫ ਫੋੜਿਆ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗਣ ਕਾਰਨ ਗੰਦਗੀ ਅਤੇ ਬਦਬੂ ਫੈਲ ਰਹੀ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਧ ਰਹੀ ਗੰਦਗੀ ਕਾਰਨ ਲੋਕਾਂ ਵਿੱਚ ਰੋਸ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਆਪ ਦੀ ਅਗਵਾਈ ਵਾਲੇ ਨਗਰ ਨਿਗਮ ਹਾਊਸ ਦੀ ਨਾਕਾਮੀ ਦਾ ਖਮਿਆਜ਼ਾ ਅੱਜ ਬਠਿੰਡਾ ਦੀ ਜਨਤਾ ਭੁਗਤ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਨਿਗਮ ਦੀ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ, ਪਰ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਸਮੱਸਿਆ ਦੇ ਹੱਲ ਲਈ ਗੰਭੀਰ ਨਜ਼ਰ ਨਹੀਂ ਆ ਰਹੇ।
ਸਿੰਗਲਾ ਨੇ ਕਿਹਾ ਕਿ ਨਗਰ ਨਿਗਮ ਹਾਊਸ ਨੇ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਸਿਰਫ ਦਿਖਾਵੇ ਦੀ ਰਾਜਨੀਤੀ ਕੀਤੀ। ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਮੇਂ ਸਿਰ ਨਹੀਂ ਸੁਣਿਆ ਗਿਆ, ਜਿਸ ਕਾਰਨ ਅੱਜ ਕਰਮਚਾਰੀ ਹੜਤਾਲ ’ਤੇ ਹਨ ਅਤੇ ਆਮ ਲੋਕ ਗੰਦਗੀ ਅਤੇ ਸਿਹਤ ਸੰਬੰਧੀ ਖਤਰਿਆਂ ਨਾਲ ਜੂਝਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਸਮੇਂ ਸਿਰ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਹੱਲ ਕੱਢ ਲੈਂਦੇ, ਤਾਂ ਅੱਜ ਇਹ ਸਥਿਤੀ ਪੈਦਾ ਨਾ ਹੁੰਦੀ।ਉਨ੍ਹਾਂ ਕਿਹਾ ਕਿ ਸ਼ਹਿਰ ਦੀ ਜਨਤਾ ਵਿੱਚ ਸਰਕਾਰ ਅਤੇ ਨਗਰ ਨਿਗਮ ਪ੍ਰਤੀ ਭਾਰੀ ਨਾਰਾਜ਼ਗੀ ਹੈ ਅਤੇ ਲੋਕ ਬਦਲਾਅ ਚਾਹੁੰਦੇ ਹਨ।
ਸਿੰਗਲਾ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸਪਸ਼ਟ ਬਹੁਮਤ ਮਿਲੇਗਾ ਅਤੇ ਭਾਜਪਾ ਸ਼ਹਿਰ ਦੇ ਹਰ ਲੰਬਿਤ ਮਸਲੇ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਸਫਾਈ ਵਿਵਸਥਾ, ਸੀਵਰੇਜ, ਸੜਕਾਂ, ਸਟਰੀਟ ਲਾਈਟਾਂ, ਪੀਣ ਵਾਲਾ ਪਾਣੀ ਅਤੇ ਸ਼ਹਿਰ ਦੇ ਸਮੂਹਿਕ ਵਿਕਾਸ ਨੂੰ ਲੈ ਕੇ ਭਾਜਪਾ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।ਸਿੰਗਲਾ ਨੇ ਸਫਾਈ ਕਰਮਚਾਰੀ ਯੂਨੀਅਨ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਦੇ ਹਿਤ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੇਖਦੇ ਹੋਏ ਹੜਤਾਲ ਖਤਮ ਕਰਨ ਬਾਰੇ ਵਿਚਾਰ ਕਰਨ। ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਤੁਰੰਤ ਦਖਲ ਦੇ ਕੇ ਸਮੱਸਿਆ ਦਾ ਸਥਾਈ ਹੱਲ ਕੱਢਣ ਅਤੇ ਨਗਰ ਨਿਗਮ ਦੀਆਂ ਨਾਕਾਮੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
- Download Babushahi App
-
-