ਪੰਜਾਬ 'ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ!
ਤਾਪਮਾਨ ਵਿੱਚ 4 ਤੋਂ 5 ਡਿਗਰੀ ਦੀ ਆਵੇਗੀ ਗਿਰਾਵਟ; 45 ਡਿਗਰੀ ਦੀ ਅੱਗ ਉਗਲਦੀ ਗਰਮੀ ਅਤੇ ਲੂ (Heat Wave) ਤੋਂ ਮਿਲੇਗੀ ਨਿਜਾਤ
ਚੰਡੀਗੜ੍ਹ, 27 ਮਈ 2026: ਪੰਜਾਬ ਵਿੱਚ ਕੱਲ੍ਹ ਤੋਂ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲਣ ਜਾ ਰਿਹਾ ਹੈ, ਜਿਸ ਨਾਲ ਤਾਪਮਾਨ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਿਕ, ਅਗਲੇ ਦੋ ਦਿਨਾਂ (ਕੱਲ੍ਹ ਅਤੇ ਪਰਸੋਂ) ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਪ੍ਰਗਟਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਕੱਲ੍ਹ ਸਵੇਰ ਤੋਂ ਹੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲਵਾਈ ਵਾਲਾ ਮੌਸਮ ਬਣਿਆ ਰਹੇਗਾ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਤੇਜ਼ ਹਨੇਰੀ, ਝੱਖੜ ਅਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਗੜ੍ਹੇਮਾਰੀ ਹੋਣ ਦੇ ਵੀ ਆਸਾਰ ਹਨ। ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਕਰਕੇ ਸੂਬੇ ਦੇ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ, ਜੋ ਕਿ ਲੋਕਾਂ ਨੂੰ ਭਿਆਨਕ ਲੂ (Heat Wave) ਦੇ ਕਹਿਰ ਤੋਂ ਵੱਡੀ ਰਾਹਤ ਦੇਵੇਗੀ।
ਮੌਸਮ ਵਿਭਾਗ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਲਈ ਵਿਸ਼ੇਸ਼ ਤੌਰ 'ਤੇ ਮੀਂਹ ਅਤੇ ਬੱਦਲਵਾਈ ਦਾ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਬੇਹੱਦ ਸੁਹਾਵਣਾ ਹੋਣ ਦੀ ਉਮੀਦ ਹੈ, ਹਾਲਾਂਕਿ ਵਿਭਾਗ ਵੱਲੋਂ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੇ ਖ਼ਦਸ਼ੇ ਨੂੰ ਦੇਖਦਿਆਂ ਆਮ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਵੀ ਅਪੀਲ ਕੀਤੀ ਗਈ ਹੈ।
- Download Babushahi App
-
-