ਲੁਧਿਆਣਾ ਪੁਲਿਸ ਨੇ 24 ਘੰਟਿਆਂ 'ਚ ਦਬੋਚੇ ਲੁਟੇਰੇ
ਸੁਖਮਿੰਦਰ ਭੰਗੂ
ਲੁਧਿਆਣਾ, 10 ਜੂਨ 2026- ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਰੱਖ ਬਾਗ ਇਲਾਕੇ ਵਿੱਚ ਵਾਪਰੀ ਮੋਟਰਸਾਈਕਲ ਖੋਹ ਦੀ ਸਨਸਨੀਖੇਜ਼ ਵਾਰਦਾਤ ਨੂੰ ਸਿਰਫ਼ 24 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ ਖੋਹਿਆ ਗਿਆ ਮੋਟਰਸਾਈਕਲ, ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਦੋ ਦਾਤਰ ਵੀ ਬਰਾਮਦ ਕੀਤੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਨ ਸ਼ਰਮਾ ਵਾਸੀ ਰਾਮ ਨਗਰ ਬੇਰੀਵਾਲ, ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ 7 ਜੂਨ ਨੂੰ ਉਹ ਆਪਣੇ ਦੋਸਤ ਸਹਿਬਾਜ਼ ਸਿੰਘ ਨਾਲ ਮੋਟਰਸਾਈਕਲ 'ਤੇ ਡੀ.ਐੱਮ.ਸੀ. ਹਸਪਤਾਲ ਜਾ ਰਿਹਾ ਸੀ। ਜਦੋਂ ਉਹ ਰੱਖ ਬਾਗ ਨੇੜੇ ਪਹੁੰਚੇ ਤਾਂ ਕੁਝ ਅਣਪਛਾਤੇ ਨੌਜਵਾਨਾਂ ਨੇ ਦਾਤਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਡਰਾ-ਧਮਕਾਇਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ।
ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 8 ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਜੁਆਇੰਟ ਕਮਿਸ਼ਨਰ ਰੁਪਿੰਦਰ ਸਿੰਘ, ਏ.ਡੀ.ਸੀ.ਪੀ. ਦੇਵ ਸਿੰਘ ਅਤੇ ਏ.ਸੀ.ਪੀ. ਸਰਬਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਿਤਪਾਲ ਸ਼ਰਮਾ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕਰ ਲਈ।
ਜਾਂਚ ਦੌਰਾਨ ਕਰਨ ਉਰਫ਼ ਮੋਟਾ, ਤੀਰਥ ਸਿੰਘ ਅਤੇ ਅਕਾਸ਼ ਕੁਮਾਰ ਉਰਫ਼ ਇਸ਼ੂ ਤੇ ਰੋਹਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਖੋਹਿਆ ਗਿਆ ਮੋਟਰਸਾਈਕਲ, ਵਾਰਦਾਤ ਲਈ ਵਰਤਿਆ ਗਿਆ ਦੂਜਾ ਮੋਟਰਸਾਈਕਲ ਅਤੇ ਦੋ ਦਾਤਰ ਬਰਾਮਦ ਕੀਤੇ ਹਨ।
ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਸ਼ਹਿਰ ਵਿੱਚ ਭੋਲੇ-ਭਾਲੇ ਲੋਕਾਂ ਨੂੰ ਹਥਿਆਰਾਂ ਦਾ ਡਰ ਦਿਖਾ ਕੇ ਖੋਹ ਅਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਪੁਲਿਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਵੱਲੋਂ ਕੀਤੀਆਂ ਹੋਰ ਵਾਰਦਾਤਾਂ ਦਾ ਵੀ ਖੁਲਾਸਾ ਹੋ ਸਕੇ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਅਪਰਾਧਿਕ ਅਨਸਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਲੋਕਾਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
- Download Babushahi App
-
-