ਲੁਧਿਆਣਾ ਪੁਲਿਸ ਦੀ ਵੱਡੀ ਕਾਮਯਾਬੀ: ਲੁੱਟ-ਖੋਹ ਕਰਨ ਵਾਲੇ ਤਿੰਨ ਕਾਬੂ, 13 ਮੋਬਾਈਲ ਤੇ 5 ਮੋਟਰਸਾਈਕਲ ਬਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ 13 ਜੂਨ 2026- ਲੁਧਿਆਣਾ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਸ਼ਾਤਿਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 13 ਮੋਬਾਈਲ ਫੋਨ ਅਤੇ 5 ਮੋਟਰਸਾਈਕਲ ਬਰਾਮਦ ਕੀਤੇ ਹਨ।
ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ IPS ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ PPS, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-4 ਜਸ਼ਨਦੀਪ ਸਿੰਘ ਗਿੱਲ PPS ਅਤੇ ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀਅਲ ਏਰੀਆ-ਏ ਇੰਦਰਜੀਤ ਸਿੰਘ ਬੋਪਾਰਾਏ PPS ਦੀ ਨਿਗਰਾਨੀ ਹੇਠ ਇਹ ਕਾਰਵਾਈ ਕੀਤੀ ਗਈ।
ਥਾਣਾ ਫੋਕਲ ਪੁਆਇੰਟ ਦੇ ਮੁੱਖ ਅਫਸਰ ਇੰਸਪੈਕਟਰ ਕੁਲਬੀਰ ਸਿੰਘ ਦੀ ਅਗਵਾਈ ਹੇਠ ਚੌਕੀ ਈਸ਼ਵਰ ਕਲੋਨੀ ਦੇ ਏਐਸਆਈ ਕਪਿਲ ਕੁਮਾਰ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਉੱਚੀ ਮੰਗਲੀ ਇਲਾਕੇ ਵਿੱਚ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸੁਆ ਰੋਡ ਵੱਲੋਂ ਮੋਟਰਸਾਈਕਲ 'ਤੇ ਆ ਰਹੇ ਤਿੰਨ ਨੌਜਵਾਨ ਪੁਲਿਸ ਨਾਕੇ ਨੂੰ ਦੇਖ ਕੇ ਘਬਰਾ ਗਏ ਅਤੇ ਮੋਟਰਸਾਈਕਲ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਤਿੰਨਾਂ ਨੂੰ ਕਾਬੂ ਕਰ ਲਿਆ।
ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਮਨਜਿੰਦਰ ਸਿੰਘ ਉਰਫ਼ ਵਿੱਕੀ, ਦੀਪਕ ਸਿੰਘ ਉਰਫ਼ ਦੀਪੂ ਅਤੇ ਮਨਪ੍ਰੀਤ ਸਿੰਘ ਉਰਫ਼ ਪੱਪੂ ਵਜੋਂ ਹੋਈ ਹੈ, ਜੋ ਜੰਡਿਆਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਰਹਿਣ ਵਾਲੇ ਹਨ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਕਈ ਮੋਬਾਈਲ ਫੋਨ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਇਆ।
ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਹੋਰ ਚੋਰੀਸ਼ੁਦਾ ਮੋਟਰਸਾਈਕਲਾਂ ਅਤੇ ਮੋਬਾਈਲ ਫੋਨਾਂ ਬਾਰੇ ਖੁਲਾਸੇ ਕੀਤੇ, ਜਿਸ ਦੇ ਆਧਾਰ 'ਤੇ ਪੁਲਿਸ ਨੇ ਕੁੱਲ 13 ਮੋਬਾਈਲ ਫੋਨ, ਦੋ ਨੰਬਰੀ ਅਤੇ ਤਿੰਨ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ। ਦੋਸ਼ੀ ਬਰਾਮਦ ਕੀਤੇ ਸਮਾਨ ਸਬੰਧੀ ਕੋਈ ਵੀ ਕਾਨੂੰਨੀ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ।
ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁੱਖ ਦੋਸ਼ੀ ਮਨਜਿੰਦਰ ਸਿੰਘ ਉਰਫ਼ ਵਿੱਕੀ ਅਤੇ ਦੀਪਕ ਸਿੰਘ ਉਰਫ਼ ਦੀਪੂ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ, ਚੋਰੀ ਅਤੇ ਹੋਰ ਅਪਰਾਧਿਕ ਮਾਮਲੇ ਦਰਜ ਹਨ। ਇਸ ਕਾਰਨ ਪੁਲਿਸ ਨੂੰ ਸ਼ੱਕ ਹੈ ਕਿ ਇਹ ਗਿਰੋਹ ਲੰਮੇ ਸਮੇਂ ਤੋਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।
ਥਾਣਾ ਫੋਕਲ ਪੁਆਇੰਟ ਵਿਖੇ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਜਾਂਚ ਦੌਰਾਨ ਹੋਰ ਵੀ ਅਹਿਮ ਖੁਲਾਸੇ ਅਤੇ ਖੋਹਿਆ ਗਿਆ ਸਮਾਨ ਬਰਾਮਦ ਹੋਣ ਦੀ ਸੰਭਾਵਨਾ ਹੈ।
- Download Babushahi App
-
-