ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦਾ ਵੱਡਾ ਫੈਸਲਾ: ਦੁਕਾਨਦਾਰਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਜਾਣਗੇ 20 ਚੌਂਕੀਦਾਰ, ਮਤਾ ਸਰਕਾਰ ਨੂੰ ਭੇਜਿਆ - ਚੇਅਰਮੈਨ ਰਾਜੀਵ ਸ਼ਰਮਾ
ਰੋਹਿਤ ਗੁਪਤਾ
ਗੁਰਦਾਸਪੁਰ, 24 ਜੂਨ 2026- ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੰਪਰੂਵਮੈਂਟ ਟਰੱਸਟ ਵੱਲੋਂ ਇੱਕ ਬੇਹੱਦ ਸ਼ਲਾਘਾਯੋਗ ਅਤੇ ਵੱਡਾ ਕਦਮ ਚੁੱਕਿਆ ਗਿਆ ਹੈ। ਸ਼ਹਿਰ ਗੁਰਦਾਸਪੁਰ ਦੀਆਂ ਮਾਰਕੀਟਾਂ ਅਤੇ ਵਪਾਰਕ ਖੇਤਰਾਂ ਵਿੱਚ ਦੁਕਾਨਾਂ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ 20 ਵਿਸ਼ੇਸ਼ ਚੌਂਕੀਦਾਰ ਤਾਇਨਾਤ ਕੀਤੇ ਜਾਣਗੇ। ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਇੱਕ ਵਿਸ਼ੇਸ਼ ਮਤਾ ਪਾਸ ਕਰਕੇ ਪ੍ਰਵਾਨਗੀ ਲਈ ਪੰਜਾਬ ਸਰਕਾਰ ਕੋਲ ਭੇਜ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਫੈਸਲੇ ਨਾਲ ਸ਼ਹਿਰ ਦੇ ਵਪਾਰਕ ਇਲਾਕਿਆਂ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਵੇਗੀ ਅਤੇ ਦੁਕਾਨਦਾਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਹੋਵੇਗੀ। ਟਰੱਸਟ ਦੇ ਇਸ ਫੈਸਲੇ ਨਾਲ ਖਾਸ ਕਰਕੇ ਰਾਤ ਦੇ ਸਮੇਂ ਬਾਜ਼ਾਰਾਂ ਦੀ ਨਿਗਰਾਨੀ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਮਜ਼ਬੂਤ ਹੋ ਜਾਵੇਗੀ।
ਇੰਪਰੂਵਮੈਂਟ ਟਰੱਸਟ ਦੇ ਇਸ ਲੋਕ-ਪੱਖੀ ਫੈਸਲੇ ਦਾ ਸਥਾਨਕ ਦੁਕਾਨਦਾਰਾਂ ਅਤੇ ਵਪਾਰਕ ਜਥੇਬੰਦੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਕੋਲੋਂ ਇਸ ਮਤੇ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਜਿੱਥੇ 20 ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਹੀ ਵਪਾਰੀ ਨਿਡਰ ਹੋ ਕੇ ਆਪਣਾ ਕਾਰੋਬਾਰ ਕਰ ਸਕਣਗੇ।
ਚੇਅਰਮੈਨ ਰਾਜੀਵ ਸ਼ਰਮਾ ਮੁਤਾਬਕ ਸਰਕਾਰ ਵੱਲੋਂ ਮਤੇ ਨੂੰ ਜਲਦ ਹੀ ਮਨਜ਼ੂਰੀ ਮਿਲਣ ਦੀ ਉਮੀਦ ਹੈ, ਜਿਸ ਤੋਂ ਤੁਰੰਤ ਬਾਅਦ ਇਹ ਚੌਂਕੀਦਾਰ ਆਪਣੀ ਡਿਊਟੀ ਸੰਭਾਲ ਲੈਣਗੇ।
- Download Babushahi App
-
-