ਵੋਟਰਾਂ ਨੂੰ SIR ਤਹਿਤ ਵੰਡੇ ਫਾਰਮ ਸਮੇਂ ਸਿਰ ਬੂਥ ਲੈਵਲ ਅਫਸਰਾਂ ਕੋਲ ਜਮ੍ਹਾਂ ਕਰਵਾਉਣ ਦੀ ਅਪੀਲ
ਅਸ਼ੋਕ ਵਰਮਾ
ਬਠਿੰਡਾ, 7 ਜੁਲਾਈ 2026 :ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਫਾਰਮ ਵੰਡਣ ਦਾ ਕੰਮ 100% ਫੀਸਦੀ ਮੁਕੰਮਲ ਹੋ ਚੁੱਕਾ ਹੈ । ਹੁਣ ਅਗਲੇ ਪੜਾਅ ਤਹਿਤ ਘਰ-ਘਰ ਵੰਡੇ ਗਏ ਫਾਰਮ ਭਰ ਕੇ ਸਬੰਧਤ ਬੀ.ਐਲ.ਓ. (ਬੂਥ ਲੈਵਲ ਅਫਸਰ) ਕੋਲ ਜਮ੍ਹਾਂ ਕਰਵਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਸਮੇਂ ਸਿਰ ਫਾਰਮ ਜਮ੍ਹਾਂ ਨਹੀਂ ਕਰਵਾ ਰਹੇ ਜਿਸ ਕਾਰਣ ਐੱਸ.ਆਈ.ਆਰ. ਦਾ ਕੰਮ ਸਮੇਂ-ਸਿਰ ਨੇਪਰੇ ਚਾੜ੍ਹਨ ਚ ਦਿੱਕਤ ਆ ਰਹੀ ਹੈ। ਉਨ੍ਹਾਂ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫਾਰਮ ਸਹੀ ਢੰਗ ਨਾਲ ਭਰ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਲਦ ਤੋਂ ਜਲਦ ਆਪਣੇ ਬੂਥ ਲੈਵਲ ਅਫਸਰਾਂ (ਬੀ.ਐਲ.ਓ.) ਨੂੰ ਸੌਂਪਣ, ਤਾਂ ਜੋ ਵੋਟਰ ਸੂਚੀ ਦੀ ਸੁਧਾਈ (ਰਿਵੀਜ਼ਨ) ਦਾ ਕੰਮ ਸਮੇਂ ਸਿਰ ਪੂਰਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਇਸ ਪ੍ਰਕਿਰਿਆ ਵਿੱਚ ਘਬਰਾਉਣ ਜਾਂ ਕਿਸੇ ਵੀ ਤਰ੍ਹਾਂ ਦਾ ਡਰ ਰੱਖਣ ਦੀ ਕੋਈ ਲੋੜ ਨਹੀਂ ਹੈ। ਇਹ ਸਿਰਫ਼ ਵੋਟਰ ਸੂਚੀ ਨੂੰ ਸਹੀ, ਅਪਡੇਟ ਅਤੇ ਪਾਰਦਰਸ਼ੀ ਬਣਾਉਣ ਲਈ ਇੱਕ ਆਮ ਪ੍ਰਸ਼ਾਸਨਿਕ ਕਾਰਵਾਈ ਹੈ। ਨਾਗਰਿਕਾਂ ਵੱਲੋਂ ਦਿੱਤੀ ਜਾਣ ਵਾਲੀ ਜਾਣਕਾਰੀ ਅਤੇ ਦਸਤਾਵੇਜ਼ਾਂ ਦੀ ਵਰਤੋਂ ਕੇਵਲ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਉਦੇਸ਼ਾਂ ਲਈ ਹੀ ਕੀਤੀ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਸਾਲ 2003 ਤੋਂ ਬਾਅਦ ਪਹਿਲੀ ਵਾਰ ਵੋਟਰ ਬਣਨ ਵਾਲੇ ਯੋਗ ਨਾਗਰਿਕਾਂ ਲਈ ਜਨਮ ਪ੍ਰਮਾਣ ਪੱਤਰ ਅਤੇ ਤਾਜ਼ਾ ਫੋਟੋ ਦੇਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਜੇਕਰ ਇਕ ਵਿਅਕਤੀ ਆਪਣੇ ਜਿਸ ਵੀ ਰਿਸ਼ਤੇਦਾਰ ਨਾਲ ਰਹਿ ਰਿਹਾ ਹੈ ਉਸ ਨਾਲ ਆਪਣਾ ਰਿਸ਼ਤਾ ਵੀ ਫਾਰਮ ਵਿੱਚ ਦਰਜ ਕਰਨਾ ਜ਼ਰੂਰੀ ਹੈ, ਤਾਂ ਜੋ ਰਿਕਾਰਡ ਸਹੀ ਢੰਗ ਨਾਲ ਤਿਆਰ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਅਤੇ ਬਿਨਾਂ ਦੇਰੀ ਕੀਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਭਰੇ ਹੋਏ ਫਾਰਮ ਆਪਣੇ ਬੀ.ਐਲ.ਓ. ਕੋਲ ਜਮ੍ਹਾਂ ਕਰਵਾਉਣ। ਇਸ ਨਾਲ ਵੋਟਰ ਸੂਚੀ ਦੀ ਸ਼ੁੱਧਤਾ ਯਕੀਨੀ ਬਣੇਗੀ ਅਤੇ ਚੋਣ ਪ੍ਰਕਿਰਿਆ ਹੋਰ ਮਜ਼ਬੂਤ ਹੋਵੇਗੀ ਅਤੇ ਯੋਗ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਹੋਰ ਲੋਕ ਭਲਾਈ ਸੇਵਾਵਾਂ ਦਾ ਲਾਭ ਲੈਣ ਵਿੱਚ ਵੀ ਸੁਵਿਧਾ ਮਿਲੇਗੀ।
- Download Babushahi App
-
-