ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ `ਤੇ ਆਧਾਰਤ ਫ਼ਿਲਮ `ਸਤਲੁਜ` ਤੇ ਲੱਗੀ ਪਾਬੰਦੀ ਕੇਂਦਰ ਸਰਕਾਰ ਤੁਰੰਤ ਹਟਾਵੇ: ਬਾਬਾ ਬਲਬੀਰ ਸਿੰਘ 96 ਕਰੋੜੀ
ਅੰਮ੍ਰਿਤਸਰ:-8 ਜੁਲਾਈ 2026- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ `ਤੇ ਆਧਾਰਤ ਫ਼ਿਲਮ `ਸਤਲੁਜ` ਦਾ ਭਾਰਤ ਦੇ ਅੰਦਰ ਪ੍ਰਸਾਰਣ ਰੋਕਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਫਿਲਮ ਨੂੰ ਰੋਕਣਾ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਖਾੜਕੂ-ਵਾਦ ਦੇ ਦੌਰ ਸਮੇਂ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਘਰਾਂ ਤੋਂ ਚੁੱਕ ਕੇ ਲਾਪਤਾ ਕਰਨ, ਝੂਠੇ ਮੁਕਾਬਲਿਆਂ ਵਿਚ ਮਾਰਨ ਅਤੇ ਲਾਵਾਰਿਸ ਤੇ ਅਣਪਛਾਤੀਆਂ ਲਾਸ਼ਾਂ ਕਰਾਰ ਦੇ ਕੇ ਵੱਖ-ਵੱਖ ਸਮਸ਼ਾਨਘਾਟਾਂ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰਨ ਦੇ ਮਾਮਲੇ ਨੂੰ ਉਜਾਗਰ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਖੁਦ ਪੁਲਿਸ ਵਲੋਂ ਲਾਪਤਾ ਕਰਕੇ ਮਾਰ ਦਿੱਤੇ ਗਏ।
ਇਸ ਫਿਲਮ ਵਿੱਚ ਉਸ ਇਤਿਹਾਸ ਨੂੰ ਫਿਰ ਮੁੜ ਉਜਾਗਰ ਕੀਤਾ ਗਿਆ ਹੈ ਜਿਸ ਨੂੰ ਸਰਕਾਰਾਂ ਦਿਖਾਉਣ ਨੂੰ ਡਰਦੀਆਂ ਹਨ। ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਫ਼ਿਲਮ `ਸਤਲੁਜ` ਨੂੰ ਓ.ਟੀ.ਟੀ. ਪਲੇਟਫ਼ਾਰਮ ਤੋਂ ਹਟਾਉਣ ਦੇ ਫ਼ੈਸਲੇ ਦਾ ਸਿੱਖਾਂ ਵਲੋਂ ਤਿੱਖਾ ਵਿਰੋਧ ਕੀਤੇ ਜਾਣ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਦਿਲਜੀਤ ਦੁਸਾਂਝ ਦੀ ਫ਼ਿਲਮ `ਸਤਲੁਜ` ਦੀ ਸਮੱਗਰੀ ਦੀ ਜਾਂਚ ਕਰਨ ਲਈ ਇੱਕ ਉੱਚ ਪੱਧਰੀ ਅੰਤਰ-ਵਿਭਾਗੀ ਕਮੇਟੀ ਦਾ ਗਠਨ ਕੀਤਾ ਅਤੇ ਇਹ ਕਮੇਟੀ ਤੁਰੰਤ ਪਾਬੰਦੀ ਹਟਾਵੇ।
- Download Babushahi App
-
-