ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, 20 ਸਾਲਾਂ ਵਿੱਚ ਪਹਿਲੀ ਵਾਰ 696 ਨਵੀਆਂ ਬੱਸਾਂ ਦਾ ਦਿੱਤਾ ਆਰਡਰ : ਗੁਰਪ੍ਰਤਾਪ ਸਿੰਘ ਸੰਧੂ
ਅੰਮ੍ਰਿਤਸਰ, 11 ਜੁਲਾਈ -- ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਇਸੇ ਕੜੀ ਤਹਿਤ ਕਰੀਬ 20 ਸਾਲਾਂ ਬਾਅਦ ਪਹਿਲੀ ਵਾਰ 696 ਨਵੀਆਂ ਸਰਕਾਰੀ ਬੱਸਾਂ ਖਰੀਦਣ ਦਾ ਆਰਡਰ ਜਾਰੀ ਕੀਤਾ ਗਿਆ ਹੈ, ਜੋ ਕਿ ਪੰਜਾਬ ਦੇ ਟਰਾਂਸਪੋਰਟ ਖੇਤਰ ਲਈ ਇੱਕ ਵੱਡੀ ਉਪਲਬਧੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 309 ਨਵੀਆਂ ਬੱਸਾਂ ਪੀ.ਆਰ.ਟੀ.ਸੀ. (PRTC) ਅਤੇ 387 ਬੱਸਾਂ ਪੰਜਾਬ ਰੋਡਵੇਜ਼ (PUNBUS) ਦੇ ਬੇੜੇ ਵਿੱਚ ਸ਼ਾਮਲ ਹੋਣਗੀਆਂ। ਇਸ ਨਾਲ ਸਰਕਾਰੀ ਆਵਾਜਾਈ ਸੇਵਾਵਾਂ ਦੀ ਸਮਰੱਥਾ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ ਅਤੇ ਸੂਬੇ ਦੇ ਹਰੇਕ ਵਰਗ ਨੂੰ ਵਧੀਆ, ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਦੀ ਸਹੂਲਤ ਮਿਲੇਗੀ।
ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਜਨਤਕ ਆਵਾਜਾਈ ਨੂੰ ਨਵੀਂ ਰਫ਼ਤਾਰ ਮਿਲੇਗੀ। ਯਾਤਰੀਆਂ ਨੂੰ ਸਮੇਂ ਸਿਰ ਅਤੇ ਬਿਹਤਰ ਸੇਵਾਵਾਂ ਉਪਲਬਧ ਹੋਣਗੀਆਂ, ਜਿਸ ਨਾਲ ਲੋਕਾਂ ਦਾ ਸਰਕਾਰੀ ਟਰਾਂਸਪੋਰਟ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਦੇ ਬੇੜੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ। ਇਹ ਵਾਧਾ ਨਾ ਸਿਰਫ਼ ਸਰਕਾਰੀ ਟਰਾਂਸਪੋਰਟ ਨੂੰ ਨਵੀਂ ਤਾਕਤ ਦੇਵੇਗਾ, ਸਗੋਂ ਨਿੱਜੀ ਆਵਾਜਾਈ ’ਤੇ ਨਿਰਭਰਤਾ ਘਟਾਉਣ ਅਤੇ ਆਮ ਲੋਕਾਂ ਨੂੰ ਸਸਤੀ ਤੇ ਭਰੋਸੇਯੋਗ ਯਾਤਰਾ ਮੁਹੱਈਆ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।
ਸੰਧੂ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਬਿਜਲੀ, ਕਿਸਾਨ ਭਲਾਈ ਅਤੇ ਆਵਾਜਾਈ ਸਮੇਤ ਹਰ ਖੇਤਰ ਵਿੱਚ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਹਨ। ਟਰਾਂਸਪੋਰਟ ਵਿਭਾਗ ਵਿੱਚ ਕੀਤਾ ਗਿਆ ਇਹ ਨਿਵੇਸ਼ ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਵਚਨਬੱਧਤਾ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਲੋਕ-ਭਲਾਈ ਨੂੰ ਪਹਿਲ ਦੇਣ ਵਾਲੇ ਅਜਿਹੇ ਫ਼ੈਸਲੇ ਲੈਂਦੀ ਰਹੇਗੀ, ਤਾਂ ਜੋ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ, ਸੁਰੱਖਿਅਤ ਅਤੇ ਭਰੋਸੇਯੋਗ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ।
- Download Babushahi App
-
-