ਪ੍ਰਾਈਵੇਟ ਸਕੂਲਾਂ ਦੀ ਫੀਸ ਲੁੱਟ 'ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ: ਗਵਰਨਰ ਨੇ ਨਵੇਂ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਦਿੱਤੀ ਹਰੀ ਝੰਡੀ, ਹੁਣ 5% ਤੋਂ ਵੱਧ ਨਹੀਂ ਵਧੇਗੀ ਫੀਸ
ਚੰਡੀਗੜ੍ਹ, 13 ਜੁਲਾਈ 2026: ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾਂਦੀ ਫੀਸਾਂ ਦੀ ਮਨਮਰਜ਼ੀ ਅਤੇ ਲੁੱਟ-ਖਸੁੱਟ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਇੱਕ ਬਹੁਤ ਵੱਡਾ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਅਹਿਮ ਆਰਡੀਨੈਂਸ “The Punjab Regulation of Fee of Unaided Education Institutions (Amendment) Ordinance, 2026” 'ਤੇ ਪੰਜਾਬ ਦੇ ਗਵਰਨਰ (ਰਾਜਪਾਲ) ਨੇ ਹਸਤਾਖਰ ਕਰਕੇ ਇਸ ਨੂੰ ਅਧਿਕਾਰਤ ਮਨਜ਼ੂਰੀ ਦੇ ਦਿੱਤੀ ਹੈ।
ਇਸ ਫੈਸਲੇ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਵੱਡੇ ਫੈਸਲੇ ਦੀ ਅਧਿਕਾਰਤ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਨੇ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹੱਕ ਵਿੱਚ ਲਏ ਗਏ ਇਸ ਇਨਕਲਾਬੀ ਫੈਸਲੇ 'ਤੇ ਮੋਹਰ ਲਗਾਉਣ ਲਈ ਗਵਰਨਰ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਵੇਂ ਆਰਡੀਨੈਂਸ ਦੇ ਲਾਗੂ ਹੋਣ ਨਾਲ ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਮੁਤਾਬਕ ਫੀਸਾਂ ਵਿੱਚ ਵਾਧਾ ਨਹੀਂ ਕਰ ਸਕੇਗਾ। ਨਵੇਂ ਨਿਯਮਾਂ ਤਹਿਤ ਹੁਣ ਪ੍ਰਾਈਵੇਟ ਸਕੂਲਾਂ ਲਈ ਸਾਲਾਨਾ ਫੀਸ ਵਾਧੇ ਦੀ ਸੀਮਾ ਵੱਧ ਤੋਂ ਵੱਧ 5% ਤੈਅ ਕਰ ਦਿੱਤੀ ਗਈ ਹੈ। ਯਾਨੀ ਕੋਈ ਵੀ ਗੈਰ-ਸਹਾਇਤਾ ਪ੍ਰਾਪਤ (Unaided) ਸਕੂਲ 5 ਫੀਸਦੀ ਤੋਂ ਜ਼ਿਆਦਾ ਫੀਸ ਨਹੀਂ ਵਧਾ ਸਕੇਗਾ। ਜੇਕਰ ਕੋਈ ਸਕੂਲ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰੇਗਾ, ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਨੂੰ ਮੁਨਾਫ਼ਾਖੋਰੀ ਦਾ ਵਪਾਰ ਨਹੀਂ ਬਣਨ ਦੇਵੇਗੀ। ਸਰਕਾਰ ਆਮ ਲੋਕਾਂ ਦੀ ਜੇਬ 'ਤੇ ਪੈਂਦੇ ਵਾਧੂ ਆਰਥਿਕ ਬੋਝ ਨੂੰ ਘਟਾਉਣ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਭਰ ਦੇ ਮਾਪਿਆਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ, ਜੋ ਹਰ ਸਾਲ ਸਕੂਲਾਂ ਵੱਲੋਂ ਕੀਤੇ ਜਾਂਦੇ ਬੇਤਹਾਸ਼ਾ ਫੀਸ ਵਾਧੇ ਤੋਂ ਬੇਹੱਦ ਪ੍ਰੇਸ਼ਾਨ ਸਨ।
- Download Babushahi App
-
-