BREAKING- ਪੰਜਾਬ 'ਚ ਰਾਹੁਲ ਗਾਂਧੀ ਹੋਣਗੇ ਕਾਂਗਰਸ ਦਾ ਮੁੱਖ ਚਿਹਰਾ: ਭੂਪੇਸ਼ ਬਘੇਲ ਦਾ ਵੱਡਾ ਬਿਆਨ
ਕਾਂਗਰਸ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ AAP ਨਾਲ ਕਿਸੇ ਵੀ ਸਮਝੌਤੇ ਤੋਂ ਕੀਤਾ ਇਨਕਾਰ ਅਤੇ ਰਾਜਾ ਵੜਿੰਗ ਨੂੰ ਹਟਾਉਣ ਦੀਆਂ ਚਰਚਾਵਾਂ 'ਤੇ ਲਾਇਆ ਵਿਰਾਮ
Babushahi Network
ਨਵੀਂ ਦਿੱਲੀ / ਚੰਡੀਗੜ੍ਹ, 13 ਜੁਲਾਈ 2026- ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਇੱਕ ਵਿਸ਼ੇਸ਼ ਇੰਟਰਵਿਊ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਾਹੁਲ ਗਾਂਧੀ ਹੀ ਪਾਰਟੀ ਦਾ ਮੁੱਖ ਚਿਹਰਾ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪੰਜਾਬ ਵਿੱਚ ਮੁੜ ਸੱਤਾ ਵਿੱਚ ਵਾਪਸੀ ਕਰੇਗੀ।
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਆਗੂਆਂ ਵੱਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਟਾਉਣ ਦੀਆਂ ਕੀਤੀਆਂ ਜਾ ਰਹੀਆਂ ਮੰਗਾਂ ਵਿਚਾਲੇ ਬਘੇਲ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਲੀਡਰਸ਼ਿਪ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਉਨ੍ਹਾਂ ਹਾਲ ਹੀ ਵਿੱਚ ਨਾਰਾਜ਼ ਧੜੇ ਨਾਲ ਮੀਟਿੰਗਾਂ ਵੀ ਕੀਤੀਆਂ ਸਨ।
ਬਘੇਲ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਜਾਂ ਸਮਝੌਤਾ ਕੀਤੇ ਬਿਨਾਂ, ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੇ ਮੁੱਦੇ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਰੀਬ 700 ਕਿਸਾਨਾਂ ਦੀ ਮੌਤ ਦਾ ਗੁੱਸਾ ਅਜੇ ਵੀ ਭਾਜਪਾ ਖ਼ਿਲਾਫ਼ ਬਰਕਰਾਰ ਹੈ। ਭਾਜਪਾ 'ਤੇ ਧਰਮ ਦੇ ਨਾਂ 'ਤੇ ਧਰੁਵੀਕਰਨ ਕਰਨ ਅਤੇ ਧਰਮ ਪਰਿਵਰਤਨ ਵਰਗੇ ਮੁੱਦਿਆਂ ਰਾਹੀਂ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੇ ਦੋਸ਼ ਵੀ ਲਾਏ ਗਏ। ਬਘੇਲ ਮੁਤਾਬਕ ਪੰਜਾਬ ਦੀ ਸਿਆਸਤ ਵਿੱਚ ਭਾਜਪਾ ਦੀ ਕੋਈ ਜਗ੍ਹਾ ਨਹੀਂ ਹੈ।
- Download Babushahi App
-
-