Punjab Breaking: ਬੇਅਦਬੀ ਮਾਮਲੇ ਦੇ ਮੁਲਜ਼ਮ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Ravinder Singh
ਫ਼ਤਿਹਗੜ੍ਹ ਸਾਹਿਬ, 14 ਜੁਲਾਈ 2026- ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਤੂਰਾਂ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੀਤੀ ਰਾਤ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਜ਼ਿਕਰਯੋਗ ਹੈ ਕਿ ਮ੍ਰਿਤਕ ਮੇਵਾ ਸਿੰਘ ਦਾ ਪਿਛੋਕੜ ਵਿਵਾਦਤ ਰਿਹਾ ਹੈ। ਉਸ ਖ਼ਿਲਾਫ਼ ਸਾਲ 2007 ਵਿੱਚ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਨਾਲ ਸਬੰਧਤ ਇੱਕ ਸੰਗੀਨ ਮਾਮਲਾ ਦਰਜ ਹੋਇਆ ਸੀ, ਜਿਸ ਦੇ ਸਬੰਧ ਵਿੱਚ ਉਹ ਜੇਲ੍ਹ ਦੀ ਹਵਾ ਵੀ ਕੱਟ ਕੇ ਆਇਆ ਸੀ। ਹਾਲਾਂਕਿ, ਪੁਲਿਸ ਪ੍ਰਸ਼ਾਸਨ ਮੁਤਾਬਕ ਸਾਲ 2007 ਦੇ ਇਸ ਮਾਮਲੇ ਤੋਂ ਬਾਅਦ ਮੇਵਾ ਸਿੰਘ ਦੇ ਖ਼ਿਲਾਫ਼ ਕੋਈ ਹੋਰ ਅਪਰਾਧਿਕ ਮਾਮਲਾ ਦਰਜ ਨਹੀਂ ਹੋਇਆ ਸੀ ਅਤੇ ਉਹ ਆਮ ਜ਼ਿੰਦਗੀ ਬਤੀਤ ਕਰ ਰਿਹਾ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀਆਂ ਉੱਚ-ਅਧਿਕਾਰੀ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਡੀ.ਐੱਸ.ਪੀ. ਘੁੰਮਣ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਹਰ ਪਹਿਲੂ ਨੂੰ ਗੰਭੀਰਤਾ ਨਾਲ ਜਾਂਚ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਅਤੇ ਡੂੰਘਾਈ ਨਾਲ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਸਕੇਗੀ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
- Download Babushahi App
-
-