ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿੱਚ ਵਾਤਾਵਰਨ ਸੰਭਾਲ ਲਈ ਵਿਦਿਆਰਥੀਆਂ ਨੂੰ ਵੰਡੇ ਪੌਦੇ
ਅਸ਼ੋਕ ਵਰਮਾ
ਮਾਨਸਾ, 15 ਜੁਲਾਈ 2026 :ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਫਫੜੇ ਭਾਈ ਕੇ ਵਿਖੇ ਵਾਤਾਵਰਣ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਰੁੱਖ ਧਰਤੀ ਦੇ ਫੇਫੜੇ ਹਨ। ਜਿੰਨੇ ਵੱਧ ਰੁੱਖ ਹੋਣਗੇ, ਉੱਨੀ ਹੀ ਸ਼ੁੱਧ ਹਵਾ, ਸਾਫ਼ ਵਾਤਾਵਰਣ ਅਤੇ ਸਿਹਤਮੰਦ ਜੀਵਨ ਸੰਭਵ ਹੋਵੇਗਾ।"
ਉਨ੍ਹਾਂ ਕਿਹਾ ਕਿ ਅੱਜ ਗਲੋਬਲ ਵਾਰਮਿੰਗ, ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਵਰਗੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਹਨਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਕੇਵਲ ਪੌਦਾ ਲਗਾਉਣਾ ਹੀ ਨਹੀਂ, ਸਗੋਂ ਉਸ ਦੀ ਸੰਭਾਲ ਕਰਕੇ ਉਸ ਨੂੰ ਰੁੱਖ ਬਣਾਉਣ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜਨਮ ਦਿਨ, ਖ਼ਾਸ ਮੌਕਿਆਂ ਅਤੇ ਯਾਦਗਾਰੀ ਦਿਨਾਂ 'ਤੇ ਪੌਦੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਦਾ ਅਹਿਸਾਸ ਵੀ ਕਰਵਾਉਂਦੇ ਹਨ।ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਵੱਧ ਤੋਂ ਵੱਧ ਪੌਦੇ ਲਗਾਉਣ, ਉਨ੍ਹਾਂ ਦੀ ਨਿਯਮਿਤ ਦੇਖਭਾਲ ਕਰਨ ਅਤੇ ਹੋਰਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਦਾ ਪ੍ਰਣ ਲਿਆ।
- Download Babushahi App
-
-