ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਲਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਾਮਬੰਦੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ,16 ਜੁਲਾਈ 2026 : ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ 22 ਜੁਲਾਈ ਨੂੰ ਟੋਲ ਪਲਾਜੇ ਫਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਮੂਹਰੇ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਨੂੰ ਲਾਗੂ ਕਰਨ ਲਈ ਅੱਜ ਮੋਰਚੇ ਚ ਸ਼ਾਮਲ ਬਠਿੰਡੇ ਦੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ। ਅੱਜ ਦੀ ਮੀਟਿੰਗ ਵਿੱਚ ਸ਼ਾਮਿਲ ਆਗੂਆਂ ਨੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਸਿਰੇ ਚੜ੍ਹਦਾ ਹੈ ਤਾਂ ਸਾਰੇ ਲੋਕਾਂ ਦੇ ਕਾਰੋਬਾਰ ਖਤਰੇ ਵਿੱਚ ਪੈ ਜਾਣਗੇ ਕਿਉਂਕਿ ਇਕੱਲਾ ਖੇਤੀ ਜਾਂ ਖੇਤੀ ਨਾਲ ਜੁੜੇ ਧੰਦੇ ਹੀ ਨਹੀਂ ਚੌਪਟ ਹੋਣਗੇ, ਇਸ ਨਾਲ ਸਮੁੱਚੇ ਕਾਰੋਬਾਰ ਤਬਾਹ ਹੋਣੇ ਹਨ ਤੇ ਖੇਤੀ ਦੇ ਸਹਾਇਕ ਧੰਦੇ ਜਿਵੇਂ ਡੇਅਰੀ ਦੇ ਧੰਦੇ ਅਤੇ ਹੋਰ ਸਹਾਇਕ ਧੰਦੇ ਹਨ
ਉਹਨਾਂ ਕਿਹਾ ਕਿ ਉਹਨਾਂ ਸਾਰਿਆਂ ਉਜਾੜਾ ਹੋਵੇਗਾ ਕਿਉਂ ਕੇ ਸਮਝੌਤੇ ਤਹਿਤ ਮਿਲੀ ਜਾਣਕਾਰੀ ਅਨੁਸਾਰ ਪਹਿਲਾਂ ਅਮਰੀਕਾ ਦੇ ਕਿਸਾਨਾਂ ਵੱਲੋਂ ਤਿਆਰ ਅਨਾਜ ਮੱਕੀ, ਸੋਇਆਬੀਨ, ਦੁੱਧ ਅਤੇ ਪਸ਼ੂਆਂ ਦੀ ਫੀਡ ਵਿੱਚ ਵਰਤਣ ਲਈ ਖਲ ਭਾਰਤ ਵਿੱਚ ਇਥੋਂ ਦੀ ਫਸਲ ਦੇ ਮੁਕਾਬਲੇ ਘੱਟ ਰੇਟਾਂ ਵਿੱਚ ਮਾਰਕੀਟ ਵਿੱਚ ਲਿਆਂਦੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਨਾਲ ਭਾਰਤ ਦਾ ਕਿਸਾਨ ਅਮਰੀਕਾ ਦੇ ਕਿਸਾਨ ਦਾ ਮੁਕਾਬਲਾ ਨਹੀਂ ਕਰ ਸਕਦਾ ਕਿਉਂਕਿ ਅਮਰੀਕਾ ਆਪਣੇ ਦੇਸ਼ ਦੇ ਕਿਸਾਨਾਂ ਨੂੰ ਵੱਡੀ ਪੱਧਰ ਤੇ ਸਬਸਿਡੀਆਂ ਦਿੰਦਾ ਹੈ। ਇਸ ਸਬੰਧੀ ਅੱਜ ਮੀਟਿੰਗ ਵਿੱਚ ਤੈਅ ਕੀਤਾ ਗਿਆ ਕਿ ਜਿਲੇ ਅੰਦਰ ਬੱਲੂਆਣਾ, ਜੀਦਾ, ਲਹਿਰਾ ਬੇਗਾ, ਸੇਖਪੁਰਾ ਅਤੇ ਸੰਗਤ ਵਿਖੇ ਪੰਜ ਥਾਵਾਂ ਤੇ 22 ਜੁਲਾਈ ਨੂੰ 12 ਤੋਂ 3 ਵਜੇ ਤੱਕ ਟੋਲ ਪਲਾਜੇ ਫਰੀ ਕੀਤੇ ਜਾਣਗੇ।
ਅੱਜ ਦੀ ਮੀਟਿੰਗ ਵਿੱਚ ਮਤਾ ਪਾਸ ਕਰਕੇ ਕੱਲ ਮਨਰੇਗਾ ਕਰਮਚਾਰੀਆਂ ਅਤੇ ਵਰਕਰਾਂ ਤੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੁਲਿਸ ਵੱਲੋਂ ਕੀਤੇ ਜਬਰਦਸਤ ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਕਰਮਚਾਰੀਆਂ ਨੂੰ ਅੱਠ ਮਹੀਨਿਆਂ ਤੋਂ ਨਾਂ ਮਿਲੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ ਤੇ ਉਹਨਾਂ ਨੂੰ ਵਿਭਾਗ ਅਧੀਨ ਲਿਆ ਕੇ ਪੱਕੇ ਕੀਤਾ ਜਾਵੇ। ਅੱਜ ਦੀ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ( ਧਨੇਰ )ਵੱਲੋਂ ਗੁਰਦੀਪ ਸਿੰਘ ਰਾਮਪੁਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ )ਵੱਲੋਂ ਬਲਦੇਵ ਸਿੰਘ ਭਾਈਰੂਪਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਸਵਰਨ ਸਿੰਘ ਪੂਹਲੀ ,ਕੁਲ ਹਿੰਦ ਕਿਸਾਨ ਸਭਾ ਵੱਲੋਂ ਜਸਵੀਰ ਸਿੰਘ ਆਕਲੀਆ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਸੁਖਮੰਦਰ ਸਿੰਘ ਧਾਲੀਵਾਲ ਸ਼ਾਮਿਲ ਸਨ।
- Download Babushahi App
-
-