ਨਗਰ ਨਿਗਮ ਬਠਿੰਡਾ ਨੇ ਵਿਦਿਆਰਥਣਾਂ ਨੂੰ ਡੇਂਗੂ ਰੋਕਥਾਮ ਅਤੇ ਸਵੱਛਤਾ ਪ੍ਰਤੀ ਕੀਤਾ ਜਾਗਰੂਕ
ਅਸ਼ੋਕ ਵਰਮਾ
ਬਠਿੰਡਾ, 20 ਜੁਲਾਈ 2026 :ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਨਗਰ ਨਿਗਮ ਬਠਿੰਡਾ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਡੇਂਗੂ, ਮਲੇਰੀਆ ਸਮੇਤ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਮੁਕਤ ਰੱਖਣ ਲਈ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਕਮਿਸ਼ਨਰ ਨਗਰ ਨਿਗਮ ਲਵਜੀਤ ਕਲਸੀ ਨੇ ਦੱਸਿਆ ਕਿ ਲੋਕ ਸਿਹਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਅੱਜ ਆਰੀਆ ਗਰਲਜ਼ ਸਕੂਲ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੂੰ ਨਿੱਜੀ ਅਤੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ, ਡੇਂਗੂ ਅਤੇ ਡਾਇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ, ਪਾਣੀ ਇਕੱਠਾ ਨਾ ਹੋਣ ਦੇਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਆਪਣੇ ਘਰਾਂ ਤੇ ਆਲੇ-ਦੁਆਲੇ ਦੀ ਨਿਯਮਿਤ ਸਫ਼ਾਈ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਸਿਹਤਮੰਦ ਅਤੇ ਸਵੱਛ ਜੀਵਨ ਸ਼ੈਲੀ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਸਕੂਲ ਦੀ ਪ੍ਰਿੰਸੀਪਲ ਮੈਡਮ ਰੀਟਾ ਬਾਂਸਲ ਨੇ ਸਵੱਛਤਾ ਪ੍ਰਤੀ ਵਿਦਿਆਰਥਣਾਂ ਨੂੰ ਜਾਗਰੂਕ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਸਵੱਛ ਭਾਰਤ ਮਿਸ਼ਨ ਦੀ ਪੂਰੀ ਟੀਮ ਵੀ ਹਾਜ਼ਰ ਰਹੀ।
- Download Babushahi App
-
-