ਜਥੇਦਾਰ ਵੱਲੋਂ 24 ਜੁਲਾਈ ਦੇ ‘ਮੀਰੀ-ਪੀਰੀ ਮਾਰਚ’ਵਿੱਚ ਸੰਗਤਾਂ ਨੂੰ ਵੱਡੀ ਗਿਣਤੀ ਸ਼ਾਮਲ ਹੋਣ ਦੀ ਅਪੀਲ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 21 ਜੁਲਾਈ 2026- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ 24 ਜੁਲਾਈ ਨੂੰ ਮਨਾਏ ਜਾ ਰਹੇ ਮੀਰੀ-ਪੀਰੀ ਦਿਹਾੜੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ‘ਮੀਰੀ-ਪੀਰੀ ਖਾਲਸਾ ਮਾਰਚ’ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢਿਆ ਜਾਵੇਗਾ। ਉਨ੍ਹਾਂ ਸਮੂਹ ਸਿੱਖ ਸੰਗਤ, ਖਾਸ ਕਰਕੇ ਨੌਜਵਾਨਾਂ ਨੂੰ ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਮੀਰੀ ਅਤੇ ਪੀਰੀ ਦਾ ਮਹਾਨ ਸਿਧਾਂਤ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਾਰਨ ਕੀਤੀਆਂ ਦੋ ਤਲਵਾਰਾਂ ਧਰਮ ਅਤੇ ਰਾਜਸੱਤਾ, ਭਗਤੀ ਅਤੇ ਸ਼ਕਤੀ ਦੇ ਸੰਤੁਲਨ ਦਾ ਪ੍ਰਤੀਕ ਹਨ। ਇਹ ਸਿਧਾਂਤ ਸਿੱਖ ਕੌਮ ਨੂੰ ਆਧਿਆਤਮਿਕਤਾ ਦੇ ਨਾਲ-ਨਾਲ ਸਮਾਜਿਕ ਅਤੇ ਰਾਸ਼ਟਰੀ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ।
ਉਨ੍ਹਾਂ ਦੱਸਿਆ ਕਿ 24 ਜੁਲਾਈ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਰਚ ਦੀ ਸ਼ੁਰੂਆਤ ਹੋਵੇਗੀ। ਇਹ ਮਾਰਚ ਅੰਮ੍ਰਿਤਸਰ, ਤਰਨ ਤਾਰਨ ਅਤੇ ਮਾਲਵਾ ਖੇਤਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਪੜਾਅ ਦਰ ਪੜਾਅ ਅੱਗੇ ਵਧੇਗਾ। ਹਰ ਪੜਾਅ ਦੌਰਾਨ ਦਿਨ ਅਤੇ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿੱਥੇ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਸੰਗਤਾਂ ਨਾਲ ਮਿਲਣ ਦੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਅੰਤ ਵਿੱਚ ਇਹ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਰਚ ਦਾ ਉਦੇਸ਼ ਸਿੱਖ ਇਤਿਹਾਸ, ਪਰੰਪਰਾ ਅਤੇ ਗੁਰੂ ਸਾਹਿਬਾਨ ਵੱਲੋਂ ਦਿੱਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਸਿੱਖ ਕੌਮ ਦੀ ਏਕਤਾ, ਅਨੁਸ਼ਾਸਨ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਬਣੇਗਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਖਾਲਸਾਈ ਦਸਤਾਰਾਂ ਸਜਾ ਕੇ, ਪੂਰੇ ਜੋਸ਼ ਅਤੇ ਸ਼ਰਧਾ ਨਾਲ ਮਾਰਚ ਵਿੱਚ ਸ਼ਾਮਲ ਹੋਣ। ਉਨ੍ਹਾਂ ਖਾਸ ਤੌਰ 'ਤੇ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ, ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਸ ਇਤਿਹਾਸਕ ਮਾਰਚ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਠਣ ਵਾਲੀ ਇਹ ਆਵਾਜ਼ ਪੂਰੀ ਸਿੱਖ ਕੌਮ ਦੀ ਏਕਤਾ ਅਤੇ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦੇਵੇਗੀ।
- Download Babushahi App
-
-