ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਕਈ MPs ਨੂੰ ਕੀਤਾ ਰਿਹਾਅ
ਨਵੀਂ ਦਿੱਲੀ, 21 ਜੁਲਾਈ 2026- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਕਈ MPs ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ।
ਜਾਣਕਾਰੀ ਮੁਤਾਬਕ, ਰਾਹੁਲ ਗਾਂਧੀ ਨੂੰ ਦਿੱਲੀ ਪੁਲਿਸ ਨੇ ਛਤਰਸਾਲ ਸਟੇਡੀਅਮ ਵਿੱਚ ਹਿਰਾਸਤ ਵਿੱਚ ਰੱਖਿਆ ਹੋਇਆ ਸੀ, ਜਦਕਿ ਪ੍ਰਿਯੰਕਾ ਗਾਂਧੀ ਨੂੰ ਮੰਦਰ ਮਾਰਗ ਥਾਣੇ ਵਿੱਚ ਰੋਕਿਆ ਗਿਆ ਸੀ। ਦੋਵੇਂ ਆਗੂਆਂ ਦੀ ਹਿਰਾਸਤ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਦਿਨ ਭਰ ਚਰਚਾ ਰਹੀ ਅਤੇ ਕਾਂਗਰਸ ਦੇ ਕਈ ਆਗੂਆਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ।
ਇਸ ਦੌਰਾਨ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵੀ ਮੰਦਰ ਮਾਰਗ ਥਾਣੇ ਪਹੁੰਚੀਆਂ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸੋਨੀਆ ਗਾਂਧੀ ਦੇ ਉੱਥੇ ਪਹੁੰਚਣ ਤੋਂ ਕੁਝ ਸਮੇਂ ਬਾਅਦ ਹੀ ਪੁਲਿਸ ਨੇ ਪ੍ਰਿਯੰਕਾ ਗਾਂਧੀ ਨੂੰ ਰਿਹਾ ਕਰ ਦਿੱਤਾ। ਇਸ ਤੋਂ ਬਾਅਦ ਰਾਹੁਲ ਗਾਂਧੀ ਨੂੰ ਵੀ ਛਤਰਸਾਲ ਸਟੇਡੀਅਮ ਤੋਂ ਰਿਹਾ ਕਰ ਦਿੱਤਾ ਗਿਆ।
ਸੂਤਰਾਂ ਦੇ ਅਨੁਸਾਰ, ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੂੰ ਵੀ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਉਨ੍ਹਾਂ ਨੂੰ ਵੀ ਜਲਦ ਰਿਹਾਅ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਕਾਂਗਰਸ ਨੇ ਇਸ ਕਾਰਵਾਈ ਨੂੰ ਲੋਕਤੰਤਰੀ ਹੱਕਾਂ 'ਤੇ ਹਮਲਾ ਕਰਾਰ ਦਿੰਦਿਆਂ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਦੀ ਕਾਰਵਾਈ 'ਤੇ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਕਾਰਨਾਂ ਬਾਰੇ ਅਧਿਕਾਰਕ ਤੌਰ 'ਤੇ ਵਿਸਥਾਰਪੂਰਵਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ।
ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਰਿਹਾਈ ਤੋਂ ਬਾਅਦ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ ਅਤੇ ਇਸ ਘਟਨਾ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਸਿਆਸੀ ਟਕਰਾਅ ਹੋਰ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਫਿਲਹਾਲ ਦੋਵੇਂ ਕਾਂਗਰਸੀ ਆਗੂ ਰਿਹਾਅ ਹੋ ਚੁੱਕੇ ਹਨ ਅਤੇ ਸਥਿਤੀ 'ਤੇ ਦੇਸ਼ ਭਰ ਦੀ ਨਜ਼ਰ ਬਣੀ ਹੋਈ ਹੈ।
- Download Babushahi App
-
-