BREAKING- ਜੰਤਰ-ਮੰਤਰ ਇਲਾਕੇ 'ਚ ਮੋਬਾਈਲ ਇੰਟਰਨੈੱਟ ਬੰਦ!
ਨਵੀਂ ਦਿੱਲੀ, 23 ਜੁਲਾਈ 2026 - ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਨੇ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਵਿੱਚ ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜੰਤਰ-ਮੰਤਰ ਦੇ ਆਲੇ-ਦੁਆਲੇ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ 23 ਜੁਲਾਈ ਨੂੰ ਸ਼ਾਮ 4 ਵਜੇ ਤੋਂ ਰਾਤ 12 ਵਜੇ ਤੱਕ ਜੰਤਰ-ਮੰਤਰ ਦੇ 1.5 ਕਿਲੋਮੀਟਰ ਦੇ ਘੇਰੇ ਵਿੱਚ ਸਾਰੀਆਂ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਰਹਿਣਗੀਆਂ।
ਗ੍ਰਹਿ ਮੰਤਰਾਲੇ ਨੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਇਹ ਫੈਸਲਾ ਜਨਹਿੱਤ, ਲੋਕਾਂ ਦੀ ਸੁਰੱਖਿਆ ਅਤੇ ਖੇਤਰ ਵਿੱਚ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਲਿਆ ਗਿਆ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਸੰਵੇਦਨਸ਼ੀਲ ਹਾਲਾਤਾਂ ਦੌਰਾਨ ਅਫਵਾਹਾਂ, ਭੜਕਾਊ ਸੁਨੇਹਿਆਂ ਜਾਂ ਗਲਤ ਜਾਣਕਾਰੀ ਦੇ ਤੇਜ਼ੀ ਨਾਲ ਫੈਲਣ ਨੂੰ ਰੋਕਣ ਲਈ ਇਹ ਕਦਮ ਲਾਜ਼ਮੀ ਹੈ।
ਆਦੇਸ਼ ਮੁਤਾਬਕ ਪ੍ਰਭਾਵਿਤ ਖੇਤਰ ਵਿੱਚ ਮੋਬਾਈਲ ਡਾਟਾ, ਸੋਸ਼ਲ ਮੀਡੀਆ ਅਤੇ ਇੰਟਰਨੈੱਟ ਆਧਾਰਿਤ ਮੈਸੇਜਿੰਗ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ। ਹਾਲਾਂਕਿ ਬ੍ਰਾਡਬੈਂਡ ਅਤੇ ਲੀਜ਼ਡ ਲਾਈਨ ਵਰਗੀਆਂ ਸਥਿਰ ਇੰਟਰਨੈੱਟ ਸੇਵਾਵਾਂ ਬਾਰੇ ਵੱਖਰੇ ਤੌਰ 'ਤੇ ਕੋਈ ਪਾਬੰਦੀ ਨਹੀਂ ਦੱਸੀ ਗਈ।
ਜੰਤਰ-ਮੰਤਰ ਦੇਸ਼ ਵਿੱਚ ਵੱਖ-ਵੱਖ ਸੰਗਠਨਾਂ ਅਤੇ ਜਥੇਬੰਦੀਆਂ ਵੱਲੋਂ ਪ੍ਰਦਰਸ਼ਨਾਂ ਲਈ ਇੱਕ ਮਹੱਤਵਪੂਰਨ ਸਥਾਨ ਮੰਨਿਆ ਜਾਂਦਾ ਹੈ। ਅਜਿਹੇ ਮੌਕਿਆਂ 'ਤੇ ਸੁਰੱਖਿਆ ਏਜੰਸੀਆਂ ਵੱਲੋਂ ਹਾਲਾਤਾਂ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ। ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦਾ ਇਹ ਫੈਸਲਾ ਵੀ ਉਸੇ ਕੜੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਧਿਕਾਰਤ ਹਦਾਇਤਾਂ ਦੀ ਪਾਲਣਾ ਕਰਨ, ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਜਾਂ ਅਪੁਸ਼ਟ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਗੁਰੇਜ਼ ਕਰਨ। ਸੁਰੱਖਿਆ ਏਜੰਸੀਆਂ ਹਾਲਾਤਾਂ 'ਤੇ ਲਗਾਤਾਰ ਨਜ਼ਰ ਬਣਾਈ ਹੋਈਆਂ ਹਨ ਅਤੇ ਲੋੜ ਪੈਣ 'ਤੇ ਹੋਰ ਜ਼ਰੂਰੀ ਕਦਮ ਵੀ ਚੁੱਕੇ ਜਾ ਸਕਦੇ ਹਨ।
- Download Babushahi App
-
-