ਸਰਕਾਰੀ ਹੁਕਮਾਂ ਨੂੰ ਟਿੱਚ ਜਾਣ ਦੇ ਸਿਵਲ ਪ੍ਰਸ਼ਨਿਕ ਅਧਿਕਾਰੀ - ਸਵੇਰ ਦੇ 9:30 ਵਜੇ ਤੱਕ ਆਪੋ - ਆਪਣੇ ਦਫ਼ਤਰਾਂ ਤੋਂ ਰਹੇ ਨਦਾਰਤ
ਦਫ਼ਤਰਾਂ ਵਿੱਚ ਚਲਦੇ ਏਸੀ ,ਪੱਖੇ ਕੁਰਸੀਆਂ ਨੂੰ ਦੇ ਰਹੇ ਠੰਢੀ ਹਵਾ
ਜਗਰਾਉਂ, 24 ਜੁਲਾਈ: ਦੀਪਕ ਜੈਨ
ਅੱਜ ਪੱਤਰਕਾਰਾਂ ਦੀ ਇੱਕ ਟੀਮ ਵੱਲੋਂ ਜਗਰਾਉਂ ਤਹਿਸੀਲ ਕੰਪਲੈਕਸ ਵਿਖੇ ਸਥਿਤ ਐਸਡੀਐਮ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੇ ਦਫ਼ਤਰਾਂ ਦਾ ਦੌਰਾ ਕਰਕੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਗਈ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਨਿਰਧਾਰਿਤ ਸਮੇਂ ਅਨੁਸਾਰ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਜਾਂ ਨਹੀਂ।ਮੀਡੀਆ ਟੀਮ ਜਦੋਂ ਸ਼ੁੱਕਰਵਾਰ ਸਵੇਰੇ ਕਰੀਬ 9:30 ਵਜੇ ਤਹਿਸੀਲ ਕੰਪਲੈਕਸ ਪਹੁੰਚੀ ਤਾਂ ਐਸਡੀਐਮ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਆਪਣੀਆਂ ਸੀਟਾਂ 'ਤੇ ਮੌਜੂਦ ਨਹੀਂ ਸਨ। ਇਸ ਤੋਂ ਇਲਾਵਾ ਕੁਝ ਹੋਰ ਦਫ਼ਤਰਾਂ ਵਿੱਚ ਵੀ ਸਟਾਫ ਦੀ ਗੈਰਹਾਜ਼ਰੀ ਦੇਖਣ ਨੂੰ ਮਿਲੀ। ਇਸ ਦੌਰਾਨ ਕੁਝ ਦਫ਼ਤਰਾਂ ਵਿੱਚ ਅਧਿਕਾਰੀਆਂ ਦੀ ਗੈਰਮੌਜੂਦਗੀ ਦੇ ਬਾਵਜੂਦ ਬਿਜਲੀ ਉਪਕਰਨ ਚੱਲਦੇ ਹੋਏ ਵੀ ਨਜ਼ਰ ਆਏ ਜਿਨਾਂ ਨੂੰ ਵੇਖਣ ਤੇ ਇੰਜ ਜਾਪਦਾ ਸੀ ਕਿ ਜਿਵੇਂ ਅਧਿਕਾਰੀਆਂ ਦੀ ਗੈਰ ਮੌਜੂਦਗੀ ਵਿੱਚ ਦਫਤਰਾਂ ਵਿੱਚ ਚੱਲ ਰਹੇ ਏਸੀ,ਪੱਖੇ ਅਧਿਕਾਰੀਆਂ ਦੀਆਂ ਕੁਰਸੀਆਂ ਨੂੰ ਠੰਡੀ ਹਵਾ ਦੇ ਰਹੇ ਹਨ।ਮੌਕੇ 'ਤੇ ਆਪਣੇ ਕੰਮਾਂ ਲਈ ਪਹੁੰਚੇ ਕਈ ਪਿੰਡਾਂ ਦੇ ਵਸਨੀਕਾਂ ਸੁਮੀਤ ਕੁਮਾਰ ਪਰਵੀਨ ਕੁਮਾਰ ਤੇ

ਹੋਰਨਾ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣੇ ਸਰਕਾਰੀ ਕੰਮਾਂ ਲਈ ਤਹਿਸੀਲ ਕੰਪਲੈਕਸ ਦੇ ਚੱਕਰ ਕੱਟ ਰਹੇ ਹਨ, ਪਰ ਉਨ੍ਹਾਂ ਨੂੰ ਕਈ ਵਾਰ ਸੰਬੰਧਤ ਅਧਿਕਾਰੀ ਸਮੇਂ ਸਿਰ ਆਪਣੀਆਂ ਸੀਟਾਂ 'ਤੇ ਨਹੀਂ ਮਿਲਦੇ। ਲੋਕਾਂ ਦਾ ਕਹਿਣਾ ਸੀ ਕਿ ਇਸ ਕਾਰਨ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਜਾਣਾ ਪੈਂਦਾ ਹੈ।ਸਥਾਨਕ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦੀ ਨੂੰ ਲੈ ਕੇ ਲਗਾਤਾਰ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਅਧਿਕਾਰੀਆਂ ਨੂੰ ਸਵੇਰੇ 9 ਵਜੇ ਡਿਊਟੀ 'ਤੇ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ। ਲੋਕਾਂ ਦਾ ਦਾਅਵਾ ਹੈ ਕਿ ਅਮਲ ਵਿੱਚ ਕਈ ਵਾਰ ਇਸ ਦੀ ਪਾਲਣਾ ਹੁੰਦੀ ਨਜ਼ਰ ਨਹੀਂ ਆਉਂਦੀ ਅਤੇ ਕੁਝ ਅਧਿਕਾਰੀ ਆਪਣੀ ਸਹੂਲਤ ਅਨੁਸਾਰ ਦਫ਼ਤਰ ਪਹੁੰਚਦੇ ਅਤੇ ਰਵਾਨਾ ਹੁੰਦੇ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਸਮੇਂ ਦੀ ਪਾਬੰਦੀ ਯਕੀਨੀ ਬਣਾਉਣ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਦੀ ਮੰਗ ਕੀਤੀ।ਜਦੋਂ ਇਸ ਸਬੰਧੀ ਐਸਡੀਐਮ ਜਗਰਾਉਂ ਸ ਬਾਦਲਦੀਨ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਹ ਹਾਈ ਕੋਰਟ ਗਏ ਹੋਏ ਹਨ। ਤਹਿਸੀਲਦਾਰ ਰੇਸ਼ਮ ਸਿੰਘ ਨਾਲ ਫ਼ੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਵੱਲੋਂ ਫ਼ੋਨ ਰਿਸੀਵ ਨਹੀਂ ਕੀਤਾ ਗਿਆ।ਨਾਇਬ ਤਹਿਸੀਲਦਾਰ ਪੁਸ਼ਪਿੰਦਰ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਜਦੋਂ ਮੀਡੀਆ ਟੀਮ ਦਫ਼ਤਰ ਪਹੁੰਚੀ, ਉਸ ਵੇਲੇ ਉਹ ਵੀ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਸਰਕਾਰੀ ਮੀਟਿੰਗ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਹਨ, ਜਿਸ ਕਾਰਨ ਉਹ ਦਫ਼ਤਰ ਵਿੱਚ ਮੌਜੂਦ ਨਹੀਂ ਸਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹੋਰ ਅਧਿਕਾਰੀਆਂ ਦੇ ਮੁਕਾਬਲੇ ਵੱਧ ਸਮਾਂ ਆਪਣੀ ਕੁਰਸੀ 'ਤੇ ਬੈਠ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਹਨ।ਹੁਣ ਇਹ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਸਮੇਂ ਦੀ ਪਾਬੰਦੀ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਥਾਨਕ ਪ੍ਰਸ਼ਾਸਨ ਵੱਲੋਂ ਕੀ ਕਦਮ ਚੁੱਕੇ ਜਾਂਦੇ ਹਨ, ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਨਾਂ ਬੇਲੋੜੀ ਉਡੀਕ ਆਪਣੇ ਕੰਮ ਸਮੇਂ ਸਿਰ ਕਰਵਾਉਣ ਦੀ ਸਹੂਲਤ ਮਿਲ ਸਕੇ।
- Download Babushahi App
-
-