ਲੋੜਵੰਦ ਪਰਿਵਾਰਾਂ ਦੇ 11 ਅਗਸਤ ਤੱਕ ਬਣਨਗੇ ਨਵੇਂ ਰਾਸ਼ਨ ਕਾਰਡ : ਮੇਅਰ ਪਦਮਜੀਤ ਸਿੰਘ ਮਹਿਤਾ
ਅਸ਼ੋਕ ਵਰਮਾ
ਬਠਿੰਡਾ, 24 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋੜਵੰਦ ਅਤੇ ਯੋਗ ਪਰਿਵਾਰਾਂ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਯੋਗ ਪਰਿਵਾਰਾਂ ਦੇ ਰਾਸ਼ਨ ਕਾਰਡ ਪੂਰੀ ਤਰ੍ਹਾਂ ਮੁਫ਼ਤ ਬਣਾਏ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦਿੱਤੀ। ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਇਹ ਵਿਸ਼ੇਸ਼ ਅਭਿਆਨ 11 ਅਗਸਤ ਤੱਕ ਚੱਲੇਗਾ। ਇਸ ਦੌਰਾਨ ਕੋਈ ਵੀ ਯੋਗ ਪਰਿਵਾਰ ਆਪਣੇ ਲੋੜੀਂਦੇ ਪਛਾਣ ਪੱਤਰ ਅਤੇ ਹੋਰ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾ ਕੇ ਰਾਸ਼ਨ ਕਾਰਡ ਬਣਵਾ ਸਕਦਾ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਸਾਰੇ ਯੋਗ ਮੈਂਬਰਾਂ ਦੇ ਨਾਮ ਵੀ ਰਾਸ਼ਨ ਕਾਰਡ ਵਿੱਚ ਸ਼ਾਮਲ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ 25 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਉਨ੍ਹਾਂ ਦੇ ਵਾਰਡ ਨੰਬਰ 46 ਵਿੱਚ ਸਥਿਤ ਦਫ਼ਤਰ, ਰਾਜੀਵ ਗਾਂਧੀ ਮਾਰਕੀਟ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਨੀਵਾਰ ਤੋਂ ਨਗਰ ਨਿਗਮ ਦਫ਼ਤਰ ਵਿੱਚ ਵੀ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿੱਥੇ ਲੋਕਾਂ ਦੇ ਰਾਸ਼ਨ ਕਾਰਡ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨਾਲ ਸਬੰਧਤ ਸਮੱਸਿਆਵਾਂ ਦਾ ਵੀ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ। ਮੇਅਰ ਨੇ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਬਠਿੰਡਾ ਸ਼ਹਿਰ ਦੇ ਸਾਰੇ 50 ਵਾਰਡਾਂ ਵਿੱਚ ਕਲੱਸਟਰ ਬਣਾ ਕੇ ਪੜਾਅਵਾਰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਰਾਹੀਂ ਨਵੇਂ ਰਾਸ਼ਨ ਕਾਰਡ ਬਣਾਉਣ, ਪਰਿਵਾਰਕ ਮੈਂਬਰਾਂ ਦੇ ਨਾਮ ਸ਼ਾਮਲ ਕਰਨ, ਨਾਮਾਂ ਵਿੱਚ ਸੋਧ ਕਰਨ ਅਤੇ ਰਾਸ਼ਨ ਕਾਰਡ ਨਾਲ ਸਬੰਧਤ ਹੋਰ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਸ੍ਰੀ ਮਹਿਤਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਸ਼ਨ ਕਾਰਡ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਫੀਸ ਨਹੀਂ ਹੈ। ਇਹ ਸੇਵਾ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਜੇਕਰ ਕੋਈ ਵਿਅਕਤੀ ਰਾਸ਼ਨ ਕਾਰਡ ਬਣਾਉਣ ਦੇ ਨਾਂ ’ਤੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਹ ਗਲਤ ਹੈ ਅਤੇ ਅਜਿਹੇ ਵਿਅਕਤੀਆਂ ਦੀ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਹ ਸਰਕਾਰ ਵੱਲੋਂ ਨਿਰਧਾਰਤ ਯੋਗਤਾ ਅਨੁਸਾਰ ਰਾਸ਼ਨ ਕਾਰਡ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਸਾਰੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਨੇੜਲੇ ਕੈਂਪ ਵਿੱਚ ਪਹੁੰਚ ਕੇ ਇਸ ਲੋਕ ਭਲਾਈ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਮੁੜ ਸ਼ੁਰੂ ਹੋਣ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਹ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹੋਰ ਸੁਚੱਜੇ ਢੰਗ ਨਾਲ ਲੈ ਸਕਣਗੇ।
- Download Babushahi App
-
-