ਨੀਟ ਪ੍ਰੀਖਿਆ ਵਿੱਚ ਬੇਨਿਯਮੀਆਂ ਅਤੇ ਵਿਦਿਆਰਥੀਆਂ 'ਤੇ ਹੋਏ ਜ਼ੁਲਮ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਵਿੱਚ ਰੋਸ ਪ੍ਰਦਰਸ਼ਨ
ਅਸ਼ੋਕ ਵਰਮਾ
ਬਠਿੰਡਾ, 26 ਜੁਲਾਈ 2026 :ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ ਵੱਲੋਂ ਅੱਜ ਨੀਟ ਪ੍ਰੀਖਿਆ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ, ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਹੱਕ ਵਿੱਚ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਹੋਏ ਕਥਿਤ ਪੁਲਿਸ ਦੁਰਵਿਵਹਾਰ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਵਿਦਿਆਰਥੀ ਅੰਦੋਲਨ ਦੀ ਜਿੱਤ ਕਰਾਰ ਦਿੱਤਾ।ਪਾਰਟੀ ਆਗੂਆਂ ਨੇ ਕਿਹਾ ਕਿ ਨੀਟ ਪ੍ਰੀਖਿਆ ਵਿੱਚ ਵਾਪਰੀਆਂ ਗੜਬੜੀਆਂ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਰੋਸਾ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।
ਆਗੂਆਂ ਨੇ ਦੋਸ਼ ਲਗਾਇਆ ਕਿ ਜੰਤਰ-ਮੰਤਰ ਵਿਖੇ CGI ਵੱਲੋਂ ਨੀਟ ਪ੍ਰੀਖਿਆ ਦੇ ਮੁੱਦੇ 'ਤੇ ਕੀਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਲੋਕਤੰਤਰ ਦੀ ਭਾਵਨਾ ਦੇ ਖ਼ਿਲਾਫ਼ ਹੈ ਅਤੇ ਇਹ ਦੇਸ਼ ਦੇ ਵਿਦਿਆਰਥੀਆਂ ਨਾਲ ਨਾਇਨਸਾਫ਼ੀ ਹੈ।ਆਮ ਆਦਮੀ ਪਾਰਟੀ ਨੇ ਮੰਗ ਕੀਤੀ ਕਿ ਨੀਟ ਪ੍ਰੀਖਿਆ ਨਾਲ ਜੁੜੇ ਸਾਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫ਼ਾ ਦੇਣ ਅਤੇ ਵਿਦਿਆਰਥੀਆਂ ਦੇ ਸੰਵਿਧਾਨਕ ਹੱਕਾਂ ਦੀ ਰੱਖਿਆ ਯਕੀਨੀ ਬਣਾਈ ਜਾਵੇ।
ਇਸ ਰੋਸ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ ਦੀ ਸਮੁੱਚੀ ਟੀਮ, ਸਾਰੇ ਵਲੰਟੀਅਰ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ। ਪਾਰਟੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਵਿਦਿਆਰਥੀਆਂ ਨਾਲ ਹੋਈ ਨਾਇਨਸਾਫ਼ੀ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਲੋਕਤੰਤਰਿਕ ਢੰਗ ਨਾਲ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਰੋਸ ਪ੍ਰਦਰਸ਼ਨ ਵਿੱਚ ਮਾਸਟਰ ਜਗਸੀਰ ਸਿੰਘ ਵਿਧਾਇਕ ਭੁੱਚੋ, ਬਲਕਾਰ ਸਿੰਘ ਸਿੱਧੂ ਵਿਧਾਇਕ ਰਾਮਪੁਰਾ ਫੂਲ, ਇੰਦਰਜੀਤ ਸਿੰਘ ਮਾਨ ਸੂਬਾ ਸਕੱਤਰ ਅਤੇ ਚੇਅਰਮੈਨ ਮਾਰਕਫੈੱਡ ਪੰਜਾਬ, ਨਵਦੀਪ ਸਿੰਘ ਜੀਦਾ ਲੋਕ ਸਭਾ ਇੰਚਾਰਜ ਅਤੇ ਚੇਅਰਮੈਨ ਸ਼ੂਗਰਫੈੱਡ ਪੰਜਾਬ, ਪਦਮਜੀਤ ਮਹਿਤਾ ਮੇਅਰ ਨਗਰ ਨਿਗਮ ਬਠਿੰਡਾ,
ਹਰਦੀਪ ਸਿੰਘ ਸਰਾਂ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਬਠਿੰਡਾ, ਗੋਪਾਲ ਸਿੰਘ ਹਲਕਾ ਇੰਚਾਰਜ ਬਠਿੰਡਾ ਦਿਹਾਤੀ, ਬਲਵਿੰਦਰ ਸਿੰਘ ਬੱਲ੍ਹੋ ਚੇਅਰਮੈਨ ਮਾਰਕੀਟ ਕਮੇਟੀ ਮੌੜ, ਪਰਮਜੀਤ ਸਿੰਘ ਕੋਟਫੱਤਾ ਚੇਅਰਮੈਨ ਲੈਂਡ ਮਾਰਕ ਬੈਂਕ ਅਤੇ ਸੂਬਾ ਸਕੱਤਰ ਕਿਸਾਨ ਵਿੰਗ, ਹਰਮੰਦਰ ਸਿੰਘ ਬਰਾੜ ਜੋਨ ਇੰਚਾਰਜ ਸਿੱਖਿਆ ਕ੍ਰਾਂਤੀ, ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ, ਪ੍ਰੋ. ਰਿਪਨਦੀਪ ਸਿੰਘ ਸਿੱਧੂ ਜਿਲ੍ਹਾ ਮੀਡੀਆ ਸਕੱਤਰ, ਹਰਚਰਨ ਸਿੰਘ ਥੇਹਰੀ ਸੂਬਾ ਸਕੱਤਰ ਐਸ ਸੀ ਵਿੰਗ, ਅਮਰਦੀਪ ਰਾਜਨ ਚੇਅਰਮੈਨ ਕੋਆਪਰੇਟਿਵ ਸੁਸਾਇਟੀ ਬੈਂਕ ਆਦਿ ਆਗੂ ਹਾਜ਼ਰ ਸਨ।
- Download Babushahi App
-
-