HMEL ਰਿਫਾਇਨਰੀ ਰਾਮਾ ਮੰਡੀ ਦੇ 19ਵੇਂ ਸਥਾਪਨਾ ਦਿਵਸ ਮੌਕੇ ਲਾਏ ਕੈਂਪ ਦੌਰਾਨ 235 ਯੂਨਿਟ ਖੂਨਦਾਨ
ਅਸ਼ੋਕ ਵਰਮਾ
ਬਠਿੰਡਾ, 26 ਜੁਲਾਈ 2026:ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਰੁਣ ਬਾਂਸਲ ਦੀ ਅਗਵਾਈ ਹੇਠ HMEL ਰਿਫਾਇਨਰੀ ਰਾਮਾਂ ਮੰਡੀ ਵਿਖੇ ਕੰਪਨੀ ਦੇ 19ਵੇਂ ਸਥਾਪਨਾ ਦਿਵਸ ਮੌਕੇ ਸਵੈ-ਇੱਛੁਕ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਦੌਰਾਨ ਕਰਮਚਾਰੀਆਂ, ਅਧਿਕਾਰੀਆਂ ਅਤੇ ਹੋਰ ਸਵੈ-ਇੱਛੁਕ ਖੂਨਦਾਨੀਆਂ ਵੱਲੋਂ ਉਤਸ਼ਾਹ ਨਾਲ ਭਾਗ ਲੈਂਦਿਆਂ 235 ਯੂਨਿਟ ਖੂਨ ਦਾਨ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾਕਟਰ ਤਪਿੰਦਰਜੋਤ ਨੇ ਕਿਹਾ ਕਿ ਖੂਨਦਾਨ ਮਹਾਨ ਮਨੁੱਖੀ ਸੇਵਾ ਹੈ ਅਤੇ ਇੱਕ ਯੂਨਿਟ ਖੂਨ ਨਾਲ ਕਈ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ 'ਤੇ ਸਵੈ-ਇੱਛਾ ਨਾਲ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਐਮਰਜੈਂਸੀ ਸਮੇਂ ਖੂਨ ਦੀ ਘਾਟ ਨਾ ਆਵੇ।
ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਅਰੁਣ ਬਾਂਸਲ ਨੇ HMEL ਪ੍ਰਬੰਧਨ ਅਤੇ ਸਮੂਹ ਖੂਨਦਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਸਮਾਜ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਬਲੱਡ ਬੈਂਕਾਂ ਵਿੱਚ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਉਂਦੇ ਹਨ।ਬੀ.ਟੀ.ਓ.ਡਾ. ਰੀਤਿਕਾ ਨੇ ਕਿਹਾ ਕਿ ਖੂਨਦਾਨ ਦਾ ਕੋਈ ਵੀ ਬਦਲ ਨਹੀਂ ਹੈ ਅਤੇ ਇਹ ਸਿਰਫ਼ ਇੱਕ ਸਵੈ-ਇੱਛੁਕ ਖੂਨਦਾਨੀ ਤੋਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ HMEL ਰਿਫਾਇਨਰੀ ਵੱਲੋਂ ਹਰ ਸਾਲ ਲਗਾਏ ਜਾਂਦੇ ਖੂਨਦਾਨ ਕੈਂਪ ਬਲੱਡ ਬੈਂਕ ਵਿੱਚ ਖੂਨ ਦੀ ਉਪਲਬਧਤਾ ਬਣਾਈ ਰੱਖਣ ਲਈ ਬਹੁਤ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਪ੍ਰਬੰਧਕਾਂ ਨੇ ਕੈਂਪ ਨੂੰ ਸਫਲ ਬਣਾਉਣ ਲਈ ਸਿਵਲ ਹਸਪਤਾਲ ਦੀ ਬਲੱਡ ਬੈਂਕ ਟੀਮ, ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮੂਹ ਸਵੈ-ਇੱਛੁਕ ਖੂਨਦਾਨੀਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਸਮਾਜ ਸੇਵੀ ਗਤੀਵਿਧੀਆਂ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ।
- Download Babushahi App
-
-