ਮੰਗਾਂ ਦੀ ਅਣਦੇਖੀ ਕਾਰਨ ਪੱਤਰਕਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ
ਅਸ਼ੋਕ ਵਰਮਾ
ਬੱਧਨੀ ਕਲਾਂ, 26 ਜੁਲਾਈ 2026: ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੰਜਾਬ ਦਾ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼ ਹੈ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਮਤੇ ਰਾਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਕ ਮਹੀਨੇ ਦਾ ਅਲਟੀਮੇਟਮ ਦਿੱਤਾ ਹੈ। ਸਾਰੇ ਪੱਤਰਕਾਰਾਂ ਸਮੇਤ ਡੈਸਕ ਸਟਾਫ਼ ਲਈ ਪੈਨਸ਼ਨ ਸਕੀਮ, ਮੁਫ਼ਤ ਬੱਸ ਸਫ਼ਰ, 10 ਲੱਖ ਰੁਪਏ ਦਾ ਸਿਹਤ ਬੀਮਾ ਯੋਜਨਾ, ਪੱਤਰਕਾਰਾਂ ਲਈ ਵਿਸ਼ੇਸ਼ ਸਹਾਇਤਾ ਫ਼ੰਡ, ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੱਤਰਕਾਰਾਂ ਨੂੰ ਰਿਹਾਇਸ਼ ਅਤੇ ਗ਼ਲਾਡਾ, ਪੁੱਡਾ ਸਮੇਤ ਹੋਰ ਸਰਕਾਰੀ ਸਕੀਮਾਂ ਤਹਿਤ ਪੱਤਰਕਾਰਾਂ ਲਈ ਰਿਹਾਇਸ਼ੀ ਪਲਾਟਾਂ ਵਿੱਚ ਰਾਖਵਾਂਕਰਨ ਤੋਂ ਇਲਾਵਾ ਹੋਰ ਮੰਗਾਂ ਬਾਰੇ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਗਸਤ ਮਹੀਨੇ ਵਿੱਚ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਦੀ ਪ੍ਰਧਾਨਗੀ ਹੇਠ ਬੱਧਨੀ ਕਲਾਂ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਜਨਤਕ ਫ਼ੰਡ ਸਹਾਰੇ ਸਰਕਾਰੀ ਇਸ਼ਤਿਹਾਰਾਂ ਨੂੰ ਹਥਿਆਰ ਵਜੋਂ ਵਰਤਣ ਦੀ ਨੀਤੀ ਦੀ ਜ਼ੋਰਦਾਰ ਨਿੰਦਾ ਕੀਤੀ ਹੈ।ਯੂਨੀਅਨ ਦੇ ਸੂਬਾਈ ਸਕੱਤਰ ਜਨਰਲ ਸੰਤੋਖ ਗਿੱਲ ਅਨੁਸਾਰ ਜਥੇਬੰਦੀ ਦੇ 13 ਸਾਲ ਪੂਰੇ ਹੋਣ ਮੌਕੇ ਅਕਤੂਬਰ ਵਿੱਚ ਲੁਧਿਆਣਾ ਦੇ ਮੁੱਲਾਂਪੁਰ-ਦਾਖਾ ਕਸਬੇ ਵਿੱਚ ਸੂਬਾ ਪੱਧਰੀ ਸਮਾਗਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਅਨ ਵੱਲੋਂ ਸਰਬਸੰਮਤੀ ਨਾਲ ਪਾਸ ਮਤੇ ਰਾਹੀ ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਦਿੱਲੀ ਵਿੱਚ ਵਿਦਿਆਰਥੀ ਅੰਦੋਲਨ ਦੌਰਾਨ ਬੇਰਹਿਮੀ ਨਾਲ ਕੀਤੇ ਪੁਲੀਸ ਤਸ਼ੱਦਦ ਦੀ ਜ਼ੋਰਦਾਰ ਨਿੰਦਾ ਕਰਦਿਆਂ ਰਾਏਕੋਟ ਦੇ ਪੱਤਰਕਾਰ ਆਤਮਾ ਸਿੰਘ ਦੀ ਗ਼ੈਰ-ਕਾਨੂੰਨੀ ਗ੍ਰਿਫ਼ਤਾਰੀ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਜੰਤਰ-ਮੰਤਰ 'ਤੇ ਵਿਦਿਆਰਥੀ ਅੰਦੋਲਨ ਦੌਰਾਨ ਪੱਤਰਕਾਰਾਂ ਉਪਰ ਹੋਏ ਹਮਲਿਆਂ ਉਪਰ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜਗਸੀਰ ਸਿੰਘ ਸੰਧੂ ਨੂੰ ਸੰਗਰੂਰ, ਵੀਰਪਾਲ ਭਗਤਾ, ਸੁਖਨੈਬ ਸਿੱਧੂ ਨੂੰ ਮਾਨਸਾ ਅਤੇ ਗੁਰਤੇਜ ਸਿੰਘ ਸਿੱਧੂ ਨੂੰ ਫ਼ਰੀਦਕੋਟ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮੀਟਿੰਗ ਦੌਰਾਨ ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਸਮੇਤ ਵਿੱਛੜ ਗਏ ਹੋਰ ਪੱਤਰਕਾਰਾਂ ਅਤੇ ਸਹਿਯੋਗੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਦੱਸਿਆ ਕਿ 8-9 ਅਗਸਤ ਨੂੰ ਬੰਗਲੌਰ ਵਿੱਚ ਹੋਣ ਵਾਲੀ ਇੰਡੀਅਨ ਜਰਨਲਿਸਟ ਯੂਨੀਅਨ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਦੇਸ਼ ਦੇ ਪੱਤਰਕਾਰਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਕਰਕੇ ਕੌਮੀ ਪੱਧਰ 'ਤੇ ਸੰਘਰਸ਼ ਸ਼ੁਰੂ ਕਰਨ ਲਈ ਵਿਉਂਤਬੰਦੀ ਕੀਤੀ ਜਾਵੇਗੀ।
ਇਸ ਮੌਕੇ ਤੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਨ ਮਾਨ, ਭੂਸ਼ਣ ਸੂਦ, ਜਗਸੀਰ ਸਿੰਘ ਸੰਧੂ,ਸਕੱਤਰ ਦਵਿੰਦਰ ਭੰਗੂ,ਐਨ ਪੀ ਧਵਨ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੱਤਰਕਾਰ ਵਿਰੋਧੀ ਰਵੱਈਏ ਨਿੰਦਣਯੋਗ ਹਨ। ਉਹਨਾਂ ਕਿਹਾ ਕਿ ਕਿ ਦੋਵੇਂ ਸਰਕਾਰਾਂ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪੱਤਰਕਾਰਾਂ ਦੀਆਂ ਲੱਟਕਦੀਆਂ ਆ ਰਹੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਉਹਨਾਂ ਸਮੁੱਚੇ ਪੱਤਰਕਾਰ ਭਾਈਚਾਰੇ ਨੂੰ ਇੱਕਜੁੱਟ ਹੋ ਕੇ ਆਪਣੇ ਹੱਕਾਂ ਲੜਾਈ ਲੜਨ ਦਾ ਸੱਦਾ ਦਿੱਤਾ। ਆਦਿ ਵੀ ਹਾਜ਼ਰ ਸਨ। ਇਸ ਮੌਕੇ ਮੋਗਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਮਨੋਜ ਭੱਲਾ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਮੱਲੇਆਣਾ ਦੀ ਅਗਵਾਈ ਵਿੱਚ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਸਨਮਾਨ ਕੀਤਾ ਗਿਆ।
- Download Babushahi App
-
-