BREKAING- PM ਮੋਦੀ ਨਾਲ ਕੇਵਲ ਢਿੱਲੋਂ ਵੱਲੋਂ ਵਿਸ਼ੇਸ਼ ਮੁਲਾਕਾਤ; ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ ਨੂੰ ਦੁਬਾਰਾ ਤਰੱਕੀ ਦੇ ਰਾਹ 'ਤੇ ਲਿਆਉਣ ਲਈ “ਡਬਲ ਇੰਜਣ ਸਰਕਾਰ” ਦੀ ਲੋੜ- ਕੇਵਲ ਢਿੱਲੋਂ
Babushahi Network
ਨਵੀਂ ਦਿੱਲੀ, 27 ਜੁਲਾਈ 2026: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਾਲ ਪੰਜਾਬ ਦੀ ਮੌਜੂਦਾ ਸਥਿਤੀ, ਕਿਸਾਨਾਂ ਦੀਆਂ ਸਮੱਸਿਆਵਾਂ, ਗੈਂਗਸਟਰਵਾਦ, ਨਸ਼ਾਖੋਰੀ ਅਤੇ ਸੂਬੇ ਦੇ ਸਮੁੱਚੇ ਵਿਕਾਸ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇਸ਼ ਦੇ ਅਗੇਤੀ ਸੂਬਿਆਂ ਵਿੱਚ ਗਿਣਿਆ ਜਾਂਦਾ ਸੀ, ਪਰ ਅੱਜ ਵਿਕਾਸ ਦੇ ਮਾਮਲੇ ਵਿੱਚ ਕਾਫ਼ੀ ਪਿੱਛੇ ਚਲਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਦੁਬਾਰਾ ਤਰੱਕੀ ਦੇ ਰਾਹ 'ਤੇ ਲਿਆਉਣ ਲਈ “ਡਬਲ ਇੰਜਣ ਸਰਕਾਰ” ਦੀ ਲੋੜ ਹੈ ਅਤੇ ਭਾਜਪਾ ਇਸ ਦਿਸ਼ਾ ਵਿੱਚ ਕੰਮ ਕਰੇਗੀ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁਲਾਕਾਤ ਦੌਰਾਨ ਪੰਜਾਬ ਵਿੱਚ ਵੱਧ ਰਹੇ ਗੈਂਗਸਟਰਵਾਦ ਅਤੇ ਨਸ਼ੇ ਦੀ ਸਮੱਸਿਆ 'ਤੇ ਵੀ ਗੰਭੀਰ ਚਰਚਾ ਹੋਈ। ਉਨ੍ਹਾਂ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਢਿੱਲੋਂ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ, ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਨਿਤਿਨ ਨਬੀਨ ਪੰਜਾਬ ਆਏ ਸਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪ੍ਰਧਾਨ ਮੰਤਰੀ ਪੰਜਾਬ ਦਾ ਦੌਰਾ ਕਰਨਗੇ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਸਥਿਤ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਵੀ ਨਿੰਦਾ ਕੀਤੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਕੀਤਾ ਹੈ ਅਤੇ ਇਸ ਦੀ ਜ਼ਿੰਮੇਵਾਰੀ ਸਰਕਾਰ ਨੂੰ ਲੈਣੀ ਚਾਹੀਦੀ ਹੈ। ਢਿੱਲੋਂ ਨੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ, ਜਿਸ ਕਾਰਨ ਸੂਬੇ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ।
- Download Babushahi App
-
-