ਪੰਜਾਬ 'ਚ ਹੜਤਾਲਾਂ ਦਾ ਦੌਰ ਜਾਰੀ: ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਅਤੇ ਸਟਾਫ਼ ਨੇ ਠੱਪ ਕੀਤਾ ਕੰਮ, ਪੱਕੀ ਭਰਤੀ ਦੀ ਮੰਗ
ਰਵਿੰਦਰ ਸਿੰਘ
ਚੰਡੀਗੜ੍ਹ, 27 ਜੁਲਾਈ 2026:
ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਹੜਤਾਲਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨਿਕ ਸਹਾਇਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਕੰਮ ਬੰਦ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਕਲੀਨਿਕ ਬੰਦ ਰਹਿਣਗੇ ਅਤੇ ਕੰਮਕਾਜ ਠੱਪ ਰਹੇਗਾ।
ਹੜਤਾਲ 'ਤੇ ਬੈਠੇ ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਕਰਨ ਦੇ ਲਗਾਤਾਰ ਭਰੋਸੇ ਦਿੱਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਈਮਾਨਦਾਰਾਨਾ ਕਦਮ ਨਹੀਂ ਚੁੱਕਿਆ ਗਿਆ। ਵਾਰ-ਵਾਰ ਵਾਅਦਿਆਂ ਤੋਂ ਮੁਕਰਨ ਕਾਰਨ ਹੀ ਉਨ੍ਹਾਂ ਨੂੰ ਹੜਤਾਲ ਦਾ ਰਸਤਾ ਚੁਣਨਾ ਪਿਆ ਹੈ। ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਆਮ ਜਨਤਾ ਨੂੰ ਖੱਜਲ-ਖੁਆਰ ਕਰਨਾ ਨਹੀਂ, ਸਗੋਂ ਆਪਣੇ ਹੱਕਾਂ ਲਈ ਸਰਕਾਰ ਨੂੰ ਜਗਾਉਣਾ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਹੜਤਾਲ ਕਾਰਨ ਸੂਬੇ ਭਰ ਦੇ ਕਈ ਆਮ ਆਦਮੀ ਕਲੀਨਿਕਾਂ 'ਚ ਸਿਹਤ ਸੇਵਾਵਾਂ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਈਆਂ ਹਨ ਅਤੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ
- Download Babushahi App
-
-