ਮਾਈ ਭਾਰਤ' ਗੁਰਦਾਸਪੁਰ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ, ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ’ਤੇ ਦਿੱਤਾ ਜ਼ੋਰ
ਰੋਹਿਤ ਗੁਪਤਾ

ਗੁਰਦਾਸਪੁਰ, 27 ਜੁਲਾਈ
ਗੁਰਦਾਸਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਾਈ ਭਾਰਤ ਗੁਰਦਾਸਪੁਰ ਦੀ ਸਲਾਹਕਾਰ ਅਤੇ ਸਮਾਯੋਜਨ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ 'ਮਾਈ ਭਾਰਤ' ਕਲੱਬ ਦੇ ਮੈਂਬਰਾਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਨੌਜਵਾਨਾਂ ਨੂੰ ਸਮਾਜਿਕ ਗਤੀਵਿਧੀਆਂ, ਵਾਤਾਵਰਣ ਸੰਭਾਲ, ਨਸ਼ਾ ਮੁਕਤੀ, ਖੇਡਾਂ, ਸਵੈ-ਰੋਜ਼ਗਾਰ ਅਤੇ ਸਰਕਾਰੀ ਯੋਜਨਾਵਾਂ ਨਾਲ ਜੋੜਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ 1 ਜੁਲਾਈ ਤੋਂ 15 ਅਗਸਤ ਤੱਕ ਚੱਲ ਰਹੀ 'ਮਾਈ ਭਾਰਤ ਪੋਰਟਲ' ਰਜਿਸਟ੍ਰੇਸ਼ਨ ਮੁਹਿੰਮ ਦੀ ਸਮੀਖਿਆ ਵੀ ਕੀਤੀ ਗਈ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਭਾਗੀਦਾਰੀ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਮਾਈ ਭਾਰਤ ਪੋਰਟਲ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕਿਹਾ।
ਮੀਟਿੰਗ ਵਿੱਚ ਇਹ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਕਿ 'ਮਾਈ ਭਾਰਤ ਪੋਰਟਲ' ’ਤੇ ਰਜਿਸਟ੍ਰੇਸ਼ਨ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ, ਜੋ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਅਤੇ ਉਨ੍ਹਾਂ ਨੂੰ 'ਮਾਈ ਭਾਰਤ' ਦੀਆਂ ਗਤੀਵਿਧੀਆਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਮੀਟਿੰਗ ਦੌਰਾਨ ਜਾਗਰੂਕਤਾ ਮੁਹਿੰਮਾਂ, ਸਫ਼ਾਈ ਅਭਿਆਨ, ਖੂਨਦਾਨ ਕੈਂਪ, ਨਸ਼ਾ ਵਿਰੋਧੀ ਗਤੀਵਿਧੀਆਂ ਅਤੇ ਹੋਰ ਲੋਕ ਭਲਾਈ ਪ੍ਰੋਗਰਾਮਾਂ ਦੀ ਰੂਪ-ਰੇਖਾ ਬਾਰੇ ਵੀ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਜੰਗਲਾਤ ਵਿਭਾਗ ਤੋਂ ਮੱਖਣ ਸਿੰਘ (ਬਲਾਕ ਅਫ਼ਸਰ), ਜ਼ਿਲ੍ਹਾ ਖੇਡ ਦਫ਼ਤਰ ਦੇ ਨੁਮਾਇੰਦੇ, ਜ਼ਿਲ੍ਹਾ ਯੁਵਕ ਸੇਵਾਵਾਂ ਵਿਭਾਗ ਤੋਂ ਵਿਸ਼ਾਲ, ਸਪੋਰਟਸ ਕੋਆਰਡੀਨੇਟਰ ਅਨੀਤਾ ਪੁਰੀ, ਐਸ.ਡੀ. ਕਾਲਜ ਦੇ ਪ੍ਰੋਫੈਸਰ, ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਮੈਂਬਰ ਹਾਜ਼ਰ ਸਨ।
ਮੀਟਿੰਗ ਦੇ ਅੰਤ ਵਿੱਚ ਜ਼ਿਲ੍ਹਾ ਯੂਥ ਅਫ਼ਸਰ ਸ੍ਰੀਮਤੀ ਸੰਦੀਪ ਕੌਰ ਵੱਲੋਂ ਮਾਈ ਭਾਰਤ ਪੋਰਟਲ ਨਾਲ ਜੁੜਨ ਦੇ ਫ਼ਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਾਈ ਭਾਰਤ ਪੋਰਟਲ ਰਾਹੀਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ, ਸਮਾਜ ਸੇਵਾ, ਵਾਤਾਵਰਣ ਸੰਭਾਲ, ਖੇਡਾਂ, ਸਵੈ-ਸੇਵੀ ਗਤੀਵਿਧੀਆਂ ਅਤੇ ਸਰਕਾਰੀ ਮੁਹਿੰਮਾਂ ਵਿੱਚ ਸਰਗਰਮ ਭਾਗੀਦਾਰੀ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨਾਲ ਜੁੜੇ ਨੌਜਵਾਨ ਵੱਖ-ਵੱਖ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦਾ ਵਿਕਾਸ ਹੁੰਦਾ ਹੈ, ਲੀਡਰਸ਼ਿਪ ਦੇ ਗੁਣ ਨਿਖਰਦੇ ਹਨ ਅਤੇ ਉਨ੍ਹਾਂ ਨੂੰ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਦੇ ਵਧੀਆ ਮੌਕੇ ਪ੍ਰਾਪਤ ਹੁੰਦੇ ਹਨ। ਉਨ੍ਹਾਂ ਨੇ ਸਾਰੇ ਵਿਭਾਗਾਂ, ਸਕੂਲਾਂ ਅਤੇ ਕਾਲਜਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜ ਕੇ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇ।
- Download Babushahi App
-
-