ਤੀਸਰੀ ਵਾਰ ਭਾਜਪਾ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਅਜੈਵੀਰ ਸਿੰਘ ਲਾਲਪੁਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
ਮਨਪ੍ਰੀਤ ਸਿੰਘ
ਰੂਪਨਗਰ 28 ਜੁਲਾਈ
ਭਾਰਤੀ ਜਨਤਾ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਤੀਜੀ ਵਾਰ ਜ਼ਿੰਮੇਵਾਰੀ ਮਿਲਣ ਉਪਰੰਤ ਅਜੈਵੀਰ ਸਿੰਘ ਲਾਲਪੁਰਾ ਨੇ ਦੇਰ ਸ਼ਾਮ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਅਤੇ ਮਾਰਗਦਰਸ਼ਨ ਪ੍ਰਾਪਤ ਕੀਤਾ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਇੱਕ ਅਜਿਹੇ ਲੋਕਪ੍ਰਿਯ ਅਤੇ ਜਨਸੇਵਕ ਨੇਤਾ ਹਨ, ਜਿਨ੍ਹਾਂ ਨੇ ਆਪਣੀ ਸਾਦਗੀ, ਨਿਮਰਤਾ, ਇਮਾਨਦਾਰੀ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਲੋਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਸਥਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੈਣੀ ਸਿਰਫ਼ ਹਰਿਆਣਾ ਹੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਵਿੱਚ ਵੀ ਬੇਹੱਦ ਸਤਿਕਾਰ ਅਤੇ ਪਿਆਰ ਦੇ ਹੱਕਦਾਰ ਹਨ। ਸਿੱਖ ਧਰਮ ਪ੍ਰਤੀ ਉਨ੍ਹਾਂ ਦਾ ਸਤਿਕਾਰ ਅਤੇ ਪੰਜਾਬ ਨਾਲ ਉਨ੍ਹਾਂ ਦਾ ਆਤਮਿਕ ਲਗਾਅ ਹਮੇਸ਼ਾਂ ਪ੍ਰੇਰਣਾਦਾਇਕ ਰਿਹਾ ਹੈ। ਲਾਲਪੁਰਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਦਾ ਪੰਜਾਬ ਨਾਲ ਖਾਸ ਰਿਸ਼ਤਾ ਹੈ। ਉਹ ਸਮੇਂ-ਸਮੇਂ 'ਤੇ ਪੰਜਾਬ ਦੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੇ ਹਨ ਅਤੇ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਪ੍ਰਤੀ ਆਪਣਾ ਡੂੰਘਾ ਸਤਿਕਾਰ ਪ੍ਰਗਟ ਕਰਦੇ ਹਨ। ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਲਈ ਨਾਇਬ ਸਿੰਘ ਸੈਣੀ ਸਿਰਫ਼ ਇੱਕ ਮੁੱਖ ਮੰਤਰੀ ਨਹੀਂ, ਸਗੋਂ ਇੱਕ ਆਦਰਸ਼ ਅਤੇ ਵੱਡੇ ਵੀਰ ਵਾਂਗ ਹਨ, ਜਿਨ੍ਹਾਂ ਦਾ ਮਾਰਗਦਰਸ਼ਨ ਉਨ੍ਹਾਂ ਨੂੰ ਹਮੇਸ਼ਾਂ ਲੋਕ ਸੇਵਾ ਦੇ ਰਾਹ 'ਤੇ ਹੋਰ ਵਧੇਰੇ ਸਮਰਪਣ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਵਚਨਬੱਧ ਹਨ ਅਤੇ ਰੂਪਨਗਰ ਜ਼ਿਲ੍ਹੇ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨ ਕਰਦੇ ਰਹਿਣਗੇ।
- Download Babushahi App
-
-