ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਕੂਚ ਦੌਰਾਨ ਹੰਗਾਮਾ! CM ਮਾਨ ਦੀ ਰਿਹਾਇਸ਼ ਵੱਲ ਵਧੇ ਪ੍ਰਦਰਸ਼ਨਕਾਰੀ- ਪੁਲਿਸ ਨੇ ਮਾਰੀਆਂ ਬੁਛਾੜਾਂ
Babushahi Network
ਚੰਡੀਗੜ੍ਹ, 29 ਜੁਲਾਈ 2026- ਬੰਦੀ ਸਿੰਘਾਂ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕਰਨ ਦੌਰਾਨ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਤਣਾਅਪੂਰਨ ਸਥਿਤੀ ਬਣ ਗਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।
ਜਿਵੇਂ ਹੀ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਦਾ ਰਾਹ ਰੋਕ ਲਿਆ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤਿੱਖੀ ਬਹਿਸ ਹੋਈ, ਜੋ ਕੁਝ ਸਮੇਂ ਬਾਅਦ ਧੱਕਾ-ਮੁੱਕੀ ਵਿੱਚ ਤਬਦੀਲ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜ ਦਿੱਤੇ।
ਸਥਿਤੀ ਨੂੰ ਕਾਬੂ ਵਿੱਚ ਕਰਨ ਲਈ ਪੁਲਿਸ ਨੇ ਵਾਟਰ ਕੈਨਨ ਰਾਹੀਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਭੀੜ ਨੂੰ ਪਿੱਛੇ ਧੱਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹਲਕੇ ਲਾਠੀਚਾਰਜ ਦੀ ਵੀ ਜਾਣਕਾਰੀ ਸਾਹਮਣੇ ਆਈ। ਹਾਲਾਂਕਿ ਇਸ ਦੇ ਬਾਵਜੂਦ ਕੁਝ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਕੇ ਚੰਡੀਗੜ੍ਹ ਵੱਲ ਅੱਗੇ ਵਧਣ ਵਿੱਚ ਕਾਮਯਾਬ ਰਹੇ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੁੱਖ ਮੰਗ ਪੰਜਾਬ ਸਮੇਤ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੀ ਰਿਹਾਅ ਕਰਨ ਦੀ ਮੰਗ ਦੁਹਰਾਈ।
- Download Babushahi App
-
-