ਕੇਵਲ ਢਿੱਲੋਂ ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ
ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਚੰਡੀਗੜ੍ਹ, 29 ਜੁਲਾਈ:
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਪਾਰਟੀ ਦੀ ਸੂਬਾਈ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਪਹੁੰਚੇ। ਇਸ ਮੌਕੇ ਉਹ ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ।
ਆਪਣੀ ਇਸ ਰੂਹਾਨੀ ਫੇਰੀ ਦੌਰਾਨ ਉਨ੍ਹਾਂ ਨੇ ਸ਼੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਦੇ ਤਪ ਅਸਥਾਨ ਵਿਖੇ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਲਈ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਵਚਨਬੱਧ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਹਰ ਪੱਖੋਂ ਨਿਰਾਸ਼ ਕੀਤਾ ਹੈ ਅਤੇ ਸੂਬੇ ਨੂੰ ਗੰਭੀਰ ਚੁਣੌਤੀਆਂ ਦੇ ਸਾਹਮਣੇ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦਾ ਹਰ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਅਤੇ ਨਿਰਾਸ਼ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਹੁਣ ਭਾਰਤੀ ਜਨਤਾ ਪਾਰਟੀ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਸਰਕਾਰ-ਏ-ਖਾਲਸਾ ਦੇ ਸੁਸ਼ਾਸਨ ਦੀ ਭਾਵਨਾ ਅਨੁਸਾਰ ਲੋਕ-ਭਲਾਈ, ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਦੌਰ ਸਥਾਪਤ ਕਰੇਗੀ, ਜਿਸ ਨਾਲ ਪੰਜਾਬ ਮੁੜ ਰੰਗਲਾ ਅਤੇ ਖੁਸ਼ਹਾਲ ਸੂਬਾ ਬਣੇਗਾ।
ਇਸ ਮੌਕੇ ਭਾਜਪਾ ਦੇ ਵੱਡੀ ਗਿਣਤੀ ਵਿੱਚ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ।
- Download Babushahi App
-
-