ਸਫਾਈ ਸੇਵਕਾਂ ਦੇ ਸਮਰਥਨ 'ਚ 'ਪੰਜਾਬ ਬੰਦ' ਨੂੰ ਮਿਲਿਆ ਪੂਰਨ ਹੁੰਗਾਰਾ; ਵਿਰੋਧੀ ਧਿਰਾਂ ਅਤੇ ਵਪਾਰੀਆਂ ਨੇ ਕੀਤਾ ਪੂਰਨ ਸਮਰਥਨ
Kamaljit Singh/ਬਾਬੂਸ਼ਾਹੀ ਬਿਊਰੋ
ਬਰਨਾਲਾ, 30 ਜੁਲਾਈ 2026:
ਬਰਨਾਲਾ ਵਿਖੇ ਪਿਛਲੇ ਦਿਨੀਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਅਤੇ ਕੱਚੇ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਬਰਨਾਲਾ ਸਮੇਤ ਪੂਰੇ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰ, ਵਪਾਰਕ ਅਦਾਰੇ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ। ਵਪਾਰ ਮੰਡਲ, ਆਮ ਲੋਕਾਂ ਅਤੇ ਵੱਖ-ਵੱਖ ਰਾਜਨੀਤਿਕ ਧਿਰਾਂ ਨੇ ਸਫਾਈ ਕਰਮਚਾਰੀਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਹੜਤਾਲ ਦਾ ਪੂਰਨ ਸਮਰਥਨ ਕੀਤਾ ਅਤੇ ਪੰਜਾਬ ਸਰਕਾਰ ਸਮੇਤ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਨਗਰ ਨਿਗਮ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਸਰਕਾਰ ਦੇ ਰਵੱਈਏ 'ਤੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਆਪਣੀਆਂ ਮੰਗਾਂ ਮੰਗ ਰਹੇ ਗਰੀਬ ਮਜ਼ਦੂਰਾਂ 'ਤੇ ਲਾਠੀਆਂ ਬਰਸਾਉਣਾ ਬੇਹੱਦ ਸ਼ਰਮਨਾਕ ਕਾਰਾ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਪ੍ਰਥਾ ਖਤਮ ਕਰਕੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਘੱਟੋ-ਘੱਟ 18,000 ਰੁਪਏ ਤਨਖਾਹ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਤਨਖਾਹ 'ਚ ਮਾਮੂਲੀ ਵਾਧਾ ਕਰਕੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਨਤਾ ਇਸ ਦਾ ਜਵਾਬ ਦੇਵੇਗੀ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਡੀ.ਸੀ. ਰੇਟ ਤੋਂ ਵੀ ਘੱਟ ਤਨਖਾਹ 'ਤੇ ਗੁਜ਼ਾਰਾ ਕਰਨ ਵਾਲੇ ਸਫਾਈ ਸੇਵਕਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਸ.ਸੀ. ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਦੂਜੇ ਪਾਸੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਬਿਨਾਂ ਕਿਸੇ ਮੈਜਿਸਟ੍ਰੇਟ ਜਾਂ ਡੀ.ਸੀ. ਦੇ ਹੁਕਮਾਂ ਤੋਂ ਮੁਲਾਜ਼ਮਾਂ 'ਤੇ ਡੰਡੇ ਵਰ੍ਹਾਏ ਗਏ। ਢਿੱਲੋਂ ਨੇ ਚਿਤਾਵਨੀ ਦਿੱਤੀ ਕਿ ਬਰਸਾਤ ਦੇ ਮੌਸਮ ਵਿੱਚ ਸ਼ਹਿਰ 'ਚ ਗੰਦਗੀ ਦੇ ਢੇਰ ਲੱਗਣ ਨਾਲ ਭਿਆਨਕ ਬੀਮਾਰੀਆਂ ਫੈਲਣ ਦਾ ਖ਼ਤਰਾ ਹੈ, ਇਸ ਲਈ ਸਰਕਾਰ ਦੋਸ਼ੀ ਅਧਿਕਾਰੀਆਂ 'ਤੇ ਕਾਰਵਾਈ ਕਰਕੇ ਅਤੇ ਮੰਗਾਂ ਮੰਨ ਕੇ ਹੜਤਾਲ ਤੁਰੰਤ ਖ਼ਤਮ ਕਰਵਾਏ।
- Download Babushahi App
-
-