ਰੁਜ਼ਗਾਰ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਰੋਸ ਵਿਖਾਵਾ
ਅਸ਼ੋਕ ਵਰਮਾ
ਬਠਿੰਡਾ, 30 ਜੁਲਾਈ 2026 : ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਦੇ ਮੁੱਖ ਗੇਟ ਤੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੀ ਬਠਿੰਡਾ ਇਕਾਈ ਨੇ ਅੱਜ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਉਚੇਰੀ ਸਿੱਖਿਆ ਨੂੰ ਬਚਾਉਣ ਹਿੱਤ 1158 ਭਰਤੀ ਤਹਿਤ ਨਿਯੁਕਤ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਨੂੰ ਸੁਰੱਖਿਅਤ ਰੱਖਣ ਲਈ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ ਅਤੇ 04 ਅਗਸਤ ਨੂੰ ਪੰਜਾਬ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਮਾਰਚ ਦੀ ਲਾਮਬੰਦੀ ਲਈ ਰੋਸ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਅਪੀਲ ਕੀਤੀ।ਇਸ ਮੌਕੇ ਪ੍ਰੋਫ਼ੈਸਰ ਰਾਜਵੀਰ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ 1158 ਭਰਤੀ ਦੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਰੁਜ਼ਗਾਰ ਸੁਰੱਖਿਅਤ ਕਰਨਾ ਸਿਰਫ਼ ਮੁਲਾਜ਼ਮਾਂ ਦਾ ਹੀ ਨਹੀਂ, ਸਗੋਂ ਪੰਜਾਬ ਦੀ ਉਚੇਰੀ ਸਿੱਖਿਆ ਦੇ ਭਵਿੱਖ ਦਾ ਵੀ ਸਵਾਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਬਿੱਲ ਲਿਆ ਕੇ ਐਕਟ ਪਾਸ ਕਰਨਾ ਚਾਹੀਦਾ ਹੈ ਤਾਂ ਜੋ 1158 ਭਰਤੀ ਤਹਿਤ ਨਿਯੁਕਤ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਕਾਨੂੰਨੀ ਸੁਰੱਖਿਆ ਮਿਲ ਸਕੇ।ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਜਨਤਕ ਬਿਆਨ ਜਾਰੀ ਕਰਕੇ 1158 ਭਰਤੀ ਦੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਰੱਖਣ ਦਾ ਭਰੋਸਾ ਦੇਣ।ਪ੍ਰੋ. ਸੁਮਨ ਰਾਣੀ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵੱਲੋਂ ਮਿਤੀ 04 ਨਵੰਬਰ 2025 ਨੂੰ ਜਾਰੀ ਕੀਤਾ ਗਿਆ ਪੱਤਰ ਤੁਰੰਤ ਰੱਦ ਕਰਕੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸਾਰੀਆਂ ਨਿਯਮਿਤ ਛੁੱਟੀਆਂ ਬਹਾਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਤੋਂ ਵਾਂਝਾ ਰੱਖਣਾ ਮੁਲਾਜ਼ਮਾਂ ਨਾਲ਼ ਸਰਾਸਰ ਬੇਇਨਸਾਫ਼ੀ ਹੈ।
ਪ੍ਰੋ. ਸੁਰਿੰਦਰ ਚੌਧਰੀ ਨੇ ਕਿਹਾ ਕਿ ਆਪਣੇ ਘਰਾਂ ਤੋਂ ਦੂਰ-ਦੁਰਾਡੇ ਸਟੇਸ਼ਨਾਂ 'ਤੇ ਸੇਵਾਵਾਂ ਨਿਭਾ ਰਹੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਲਈ ਨਜ਼ਦੀਕੀ ਸਟੇਸ਼ਨਾਂ 'ਤੇ ਬਦਲੀ ਵਾਸਤੇ ਤੁਰੰਤ ਪੋਰਟਲ ਖੋਲ੍ਹਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਲਜਾਂ ਵਿੱਚ ਕੁਝ ਪ੍ਰਿੰਸੀਪਲਾਂ ਅਤੇ ਕਾਲਜ ਪ੍ਰਸ਼ਾਸਨਾਂ ਵੱਲੋਂ 1158 ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਵਿਤਕਰੇ ਨੂੰ ਵੀ ਤੁਰੰਤ ਨੱਥ ਪਾਈ ਜਾਵੇ। ਪ੍ਰੋਫੈਸਰ ਦੀਪਕ ਅਜ਼ੀਜ਼ ਨੇ ਕਿਹਾ ਕਿ 04 ਅਗਸਤ ਨੂੰ ਪੰਜਾਬ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਮਾਰਚ ਨੂੰ ਸਫ਼ਲ ਬਣਾਉਣ ਲਈ ਪੰਜਾਬ ਭਰ ਦੇ 1158 ਸਹਾਇਕ ਪ੍ਰੋਫ਼ੈਸਰਾਂ, ਲਾਇਬ੍ਰੇਰੀਅਨਾਂ ਅਤੇ ਉਚੇਰੀ ਸਿੱਖਿਆ ਨਾਲ਼ ਜੁੜੇ ਹਰ ਵਰਗ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਨ੍ਹਾਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ 1158 ਫ਼ਰੰਟ ਆਪਣਾ ਜਥੇਬੰਦਕ ਸੰਘਰਸ਼ ਹੋਰ ਤਿੱਖਾ ਕਰੇਗਾ।
- Download Babushahi App
-
-