ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਏਡਜ਼ ਅਤੇ ਟੀ.ਬੀ. ਸਬੰਧੀ ਜਾਗਰੂਕਤਾ ਮੁਹਿੰਮ
ਅਸ਼ੋਕ ਵਰਮਾ
ਬਠਿੰਡਾ, 30 ਜੁਲਾਈ 2026 :ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਏਡਜ਼ ਅਤੇ ਟੀ.ਬੀ. ਵਰਗੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਨ੍ਹਾਂ ਦੀ ਸਮੇਂ ਸਿਰ ਪਛਾਣ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਆਮ ਆਦਮੀ ਕਲੀਨਿਕ ਵਿਖੇ ਆਮ ਲੋਕਾਂ ਨੂੰ ਏਡਜ਼ ਅਤੇ ਟੀ.ਬੀ. ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਚ.ਆਈ.ਵੀ./ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਮਹੱਤਵਪੂਰਨ ਹਥਿਆਰ ਹੈ। ਐਚ.ਆਈ.ਵੀ. ਸੰਕਰਮਿਤ ਵਿਅਕਤੀ ਨਾਲ ਹੱਥ ਮਿਲਾਉਣ, ਇਕੱਠੇ ਬੈਠਣ, ਖਾਣਾ ਖਾਣ ਜਾਂ ਆਮ ਸਮਾਜਿਕ ਸੰਪਰਕ ਨਾਲ ਏਡਜ਼ ਨਹੀਂ ਫੈਲਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਐਚ.ਆਈ.ਵੀ. ਸਬੰਧੀ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਾ ਕੀਤਾ ਜਾਵੇ ਅਤੇ ਲੋੜ ਪੈਣ ’ਤੇ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਉਪਲਬਧ ਜਾਂਚ ਅਤੇ ਸਲਾਹ-ਮਸ਼ਵਰੇ ਦੀਆਂ ਸੇਵਾਵਾਂ ਦਾ ਲਾਭ ਲਿਆ ਜਾਵੇ।
ਟੀ.ਬੀ. ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਦੋ ਹਫ਼ਤਿਆਂ ਜਾਂ ਇਸ ਤੋਂ ਵੱਧ ਸਮੇਂ ਤੱਕ ਖੰਘ ਰਹਿਣਾ, ਬੁਖਾਰ, ਰਾਤ ਨੂੰ ਪਸੀਨਾ ਆਉਣਾ, ਭਾਰ ਘਟਣਾ, ਭੁੱਖ ਘੱਟ ਲੱਗਣਾ ਅਤੇ ਕਮਜ਼ੋਰੀ ਆਦਿ ਲੱਛਣਾਂ ਨੂੰ ਅਣਦੇਖਾ ਨਹੀਂ ਕਰਨਾ ਚਾਹੀਦਾ। ਅਜਿਹੇ ਲੱਛਣ ਹੋਣ ’ਤੇ ਤੁਰੰਤ ਨੇੜਲੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਟੀ.ਬੀ. ਇਲਾਜਯੋਗ ਬਿਮਾਰੀ ਹੈ ਅਤੇ ਸਰਕਾਰੀ ਸਿਹਤ ਸੰਸਥਾਵਾਂ ਰਾਹੀਂ ਟੀ.ਬੀ. ਦੀ ਜਾਂਚ, ਇਲਾਜ ਅਤੇ ਮਰੀਜ਼ਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੀ.ਬੀ. ਦੇ ਮਰੀਜ਼ ਆਪਣਾ ਇਲਾਜ ਡਾਕਟਰੀ ਸਲਾਹ ਅਨੁਸਾਰ ਪੂਰਾ ਕਰਨ ਅਤੇ ਦਵਾਈਆਂ ਵਿਚਕਾਰੋਂ ਬੰਦ ਨਾ ਕਰਨ। ਉਹਨਾ ਕਿਹਾ ਕਿ ਏਡਜ਼ ਅਤੇ ਟੀ.ਬੀ. ਦੀ ਰੋਕਥਾਮ ਲਈ ਜਾਗਰੂਕਤਾ, ਸਮੇਂ ਸਿਰ ਜਾਂਚ ਅਤੇ ਪੂਰਾ ਇਲਾਜ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਜਾਗਰੂਕ ਹੋਣ ਅਤੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਇਨ੍ਹਾਂ ਬਿਮਾਰੀਆਂ ਸਬੰਧੀ ਸਹੀ ਜਾਣਕਾਰੀ ਦੇ ਕੇ ਜਾਗਰੂਕ ਕਰਨ।
- Download Babushahi App
-
-