ਹੁਣ ਬਰਨਾਲਾ 'ਚ ਕਾਂਗਰਸ ਦੀ ਮੀਟਿੰਗ ਦੌਰਾਨ ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਸਾਹਮਣੇ ਲੱਗੇ 'ਚੰਨੀ ਜ਼ਿੰਦਾਬਾਦ' ਦੇ ਨਾਅਰੇ!
"ਪੰਜਾਬ ਬਚਾਓ, ਚੰਨੀ ਲਿਆਓ": ਬਰਨਾਲਾ 'ਚ ਲਗਾਤਾਰ ਦੂਜੇ ਦਿਨ ਕਾਂਗਰਸੀ ਮੀਟਿੰਗ ਦੌਰਾਨ ਗੂੰਜੇ ਚਰਨਜੀਤ ਚੰਨੀ ਜ਼ਿੰਦਾਬਾਦ ਦੇ ਨਾਅਰੇ
ਬਰਨਾਲਾ, 2 ਅਗਸਤ 2026- ਪੰਜਾਬ ਕਾਂਗਰਸ ਅੰਦਰ ਚੱਲ ਰਹੀ ਗੁੱਟਬੰਦੀ ਅਤੇ ਅੰਦਰੂਨੀ ਖਿੱਚੋਤਾਨ ਹੁਣ ਪੂਰੀ ਤਰ੍ਹਾਂ ਸੜਕਾਂ ਅਤੇ ਪਾਰਟੀ ਮੀਟਿੰਗਾਂ ਵਿੱਚ ਸਾਹਮਣੇ ਆਉਣ ਲੱਗੀ ਹੈ। ਬਰਨਾਲਾ ਵਿਖੇ ਲਗਾਤਾਰ ਦੂਜੇ ਦਿਨ ਕਾਂਗਰਸ ਪਾਰਟੀ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ। ਇਹ ਹੰਗਾਮਾ ਉਸ ਵੇਲੇ ਸ਼ੁਰੂ ਹੋਇਆ ਜਦੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਰਨਾਲਾ ਵਿਖੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ ਕਰਨ ਪਹੁੰਚੇ ਸਨ। ਮੀਟਿੰਗ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਚੰਨੀ ਸਮਰਥਕਾਂ ਨੇ ਮੀਟਿੰਗ ਵਾਲੀ ਥਾਂ 'ਤੇ "ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ" ਅਤੇ "ਪੰਜਾਬ ਬਚਾਓ, ਚੰਨੀ ਲਿਆਓ" ਦੇ ਤਿੱਖੇ ਨਾਅਰੇ ਲਗਾਏ।
ਹੈਰਾਨੀ ਦੀ ਗੱਲ ਇਹ ਰਹੀ ਕਿ ਪਾਰਟੀ ਹਾਈਕਮਾਨ ਅਤੇ ਸੂਬਾ ਲੀਡਰਸ਼ਿਪ ਵੱਲੋਂ ਬੁਲਾਈਆਂ ਜਾ ਰਹੀਆਂ ਇਨ੍ਹਾਂ ਅਹਿਮ ਮੀਟਿੰਗਾਂ ਵਿੱਚ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ ਖ਼ੁਦ ਸ਼ਾਮਲ ਨਹੀਂ ਹੋ ਰਹੇ ਹਨ, ਪਰ ਉਨ੍ਹਾਂ ਦੇ ਵਫ਼ਾਦਾਰ ਸਮਰਥਕ ਹਰ ਮੀਟਿੰਗ ਵਿੱਚ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ। ਸਮਰਥਕਾਂ ਦਾ ਸਾਫ਼ ਕਹਿਣਾ ਹੈ ਕਿ ਪੰਜਾਬ ਵਿੱਚ ਕਾਂਗਰਸ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਨ ਲਈ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਬਹੁਤ ਜ਼ਰੂਰੀ ਹੈ।
ਮੀਟਿੰਗ ਦੌਰਾਨ ਹੋਈ ਇਸ ਨਾਅਰੇਬਾਜ਼ੀ ਅਤੇ ਹੰਗਾਮੇ 'ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਵੀ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਸਥਿਤੀ ਨੂੰ ਸੰਭਾਲਦਿਆਂ ਵਰਕਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ, ਪਰ ਪਾਰਟੀ ਦਾ ਅਨੁਸ਼ਾਸਨ ਬਣਾਏ ਰੱਖਣਾ ਸਭ ਤੋਂ ਵੱਧ ਜ਼ਰੂਰੀ ਹੈ।
ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਪਟਿਆਲਾ ਅਤੇ ਬੀਤੇ ਦਿਨ ਸੰਗਰੂਰ ਵਿਖੇ ਵੀ ਪਾਰਟੀ ਮੀਟਿੰਗਾਂ ਦੌਰਾਨ ਅਜਿਹੀਆਂ ਹੀ ਤਸਵੀਰਾਂ ਦੇਖਣ ਨੂੰ ਮਿਲੀਆਂ ਸਨ, ਜਿੱਥੇ ਚੰਨੀ ਸਮਰਥਕਾਂ ਨੇ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਦੇ ਸਾਹਮਣੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਸੀ। ਪਟਿਆਲਾ ਤੋਂ ਸ਼ੁਰੂ ਹੋਇਆ ਇਹ ਵਿਵਾਦ ਸੰਗਰੂਰ ਹੁੰਦਾ ਹੋਇਆ ਹੁਣ ਬਰਨਾਲਾ ਤੱਕ ਪਹੁੰਚ ਗਿਆ ਹੈ।
ਲਗਾਤਾਰ ਤਿੰਨ ਜ਼ਿਲ੍ਹਿਆਂ ਵਿੱਚ ਇੱਕੋ ਜਿਹੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਵਿੱਚ ਆਗੂਆਂ ਅਤੇ ਵਰਕਰਾਂ ਦੇ ਸੁਰ ਆਪਸ ਵਿੱਚ ਨਹੀਂ ਮਿਲ ਰਹੇ। ਇੱਕ ਪਾਸੇ ਜਿੱਥੇ ਇੰਚਾਰਜ ਭੂਪੇਸ਼ ਬਘੇਲ ਅਤੇ ਪ੍ਰਧਾਨ ਰਾਜਾ ਵੜਿੰਗ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਦੌਰੇ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਧੜੇਬੰਦੀ ਕਾਰਨ ਇਹ ਮੀਟਿੰਗਾਂ ਨਾਅਰੇਬਾਜ਼ੀ ਅਤੇ ਹੰਗਾਮੇ ਦੀ ਭੇਟ ਚੜ੍ਹ ਰਹੀਆਂ ਹਨ। ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਹਾਈਕਮਾਨ ਇਸ ਵਧ ਰਹੇ ਅੰਦਰੂਨੀ ਕਲੇਸ਼ ਨੂੰ ਰੋਕਣ ਲਈ ਕੀ ਕਦਮ ਚੁੱਕਦੀ ਹੈ?
- Download Babushahi App
-
-