ਚੰਨੀ ਦੇ ਹੱਕ ਚ ਨਾਅਰੇ ਲੱਗ ਵੀ ਜਾਂਦੇ ਹਨ, ਤਾਂ ਇਸ ਵਿੱਚ ਕੋਈ ਬੁਰਾਈ ਨਹੀਂ : ਵੜਿੰਗ, ਬਘੇਲ
Kamaljeet Singh/ ਬਾਬੂਸ਼ਾਹੀ ਬਿਊਰੋ
ਬਰਨਾਲਾ, 2 ਅਗਸਤ 2026:
2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ "ਹਰ ਬੂਥ ਕਾਂਗਰਸ ਮਜ਼ਬੂਤ" ਮੁਹਿੰਮ ਤਹਿਤ ਬਰਨਾਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਜਿੱਥੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਉੱਥੇ ਹੀ ਨਾਅਰੇਬਾਜ਼ੀ ਨੂੰ ਲੈ ਕੇ ਵਿਵਾਦ ਵੀ ਖੜ੍ਹਾ ਹੋ ਗਿਆ। ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ 5 ਸਾਲਾਂ ਦੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਅਤੇ ਲਾਅ ਐਂਡ ਆਰਡਰ (Law & Order) ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਜਿਸ ਤੋਂ ਅੱਕ ਕੇ ਜਨਤਾ ਇਸ ਸਰਕਾਰ ਨੂੰ ਬਦਲਣ ਲਈ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਬਰਨਾਲਾ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ 'ਤੇ ਕਾਂਗਰਸ ਜਿੱਤ ਦਰਜ ਕਰੇਗੀ।
ਨਾਅਰੇਬਾਜ਼ੀ ਅਤੇ ਰੌਲੇ 'ਤੇ ਦਿੱਤੀ ਸਫਾਈ
ਮੀਟਿੰਗ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਲੱਗੇ ਨਾਅਰਿਆਂ ਅਤੇ ਹੰਗਾਮੇ ਦੀਆਂ ਖ਼ਬਰਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਸਥਿਤੀ ਸਪੱਸ਼ਟ ਕੀਤੀ। ਉਨ੍ਹਾਂ ਆਖਿਆ ਕਿ ਜੇਕਰ ਪਾਰਟੀ ਦੇ ਹੀ ਸੀਨੀਅਰ ਲੀਡਰਾਂ ਜਿਵੇਂ ਚਰਨਜੀਤ ਚੰਨੀ, ਪ੍ਰਤਾਪ ਸਿੰਘ ਬਾਜਵਾ ਜਾਂ ਸ਼ਮਸ਼ੇਰ ਸਿੰਘ ਦੁੱਲੋ ਦੇ ਹੱਕ ਵਿੱਚ ਨਾਅਰੇ ਲੱਗ ਵੀ ਜਾਂਦੇ ਹਨ, ਤਾਂ ਇਸ ਵਿੱਚ ਕੋਈ ਬੁਰਾਈ ਨਹੀਂ ਹੈ।
'ਆਪ' ਸਰਕਾਰ ਅਤੇ ਮੀਡੀਆ 'ਤੇ ਲਾਏ ਗੰਭੀਰ ਦੋਸ਼
ਕਾਂਗਰਸੀ ਲੀਡਰਸ਼ਿਪ ਨੇ ਦੋਸ਼ ਲਾਇਆ ਕਿ ਮੀਡੀਆ ਦਾ ਇੱਕ ਹਿੱਸਾ ਅਤੇ ਮੌਜੂਦਾ 'ਆਪ' ਸਰਕਾਰ ਇਸ ਮੁੱਦੇ ਨੂੰ ਬਿਨਾਂ ਵਜ੍ਹਾ ਤੂਲ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪ੍ਰਧਾਨ ਰਾਜਾ ਵੜਿੰਗ ਅਤੇ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਭਾਸ਼ਣ ਬਹੁਤ ਹੀ ਸ਼ਾਂਤਮਈ ਮਾਹੌਲ ਵਿੱਚ ਸੁਣੇ ਗਏ, ਪਰ ਇਸ ਹਾਂਪੱਖੀ ਪਹਿਲੂ ਨੂੰ ਨਹੀਂ ਦਿਖਾਇਆ ਜਾ ਰਿਹਾ।
ਨਾਅਰੇਬਾਜ਼ੀ ਕਰਨ ਵਾਲੇ ਅਣਪਛਾਤੇ ਵਿਅਕਤੀ ਬਾਰੇ ਗੱਲ ਕਰਦਿਆਂ ਆਗੂਆਂ ਨੇ ਖ਼ਦਸ਼ਾ ਜ਼ਾਹਰ ਕੀਤਾ ਕਿ ਇਹ ਭਗਵੰਤ ਮਾਨ ਸਰਕਾਰ ਵੱਲੋਂ ਭੇਜਿਆ ਗਿਆ ਕੋਈ ਬਾਹਰਲਾ ਬੰਦਾ ਵੀ ਹੋ ਸਕਦਾ ਹੈ, ਜੋ ਮੀਟਿੰਗ ਵਿੱਚ ਰੌਲਾ ਪਵਾ ਕੇ ਕਾਂਗਰਸ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਹੋਰਨਾਂ ਪਾਰਟੀਆਂ ਦੇ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰੇਗੀ।
- Download Babushahi App
-
-