ਪੰਜਾਬ ਵਿਧਾਨ ਸਭਾ 'ਚ ਗੂੰਜਿਆ NEET ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਲਾਠੀਚਾਰਜ ਦਾ ਮੁੱਦਾ; ਨਿੰਦਾ ਮਤਾ ਪਾਸ
"ਬੀਜੇਪੀ ਰਾਜ 'ਚ ਦੇਸ਼ ਦੇ ਬੱਚੇ ਸੁਰੱਖਿਅਤ ਨਹੀਂ"- ਵਿਧਾਨ ਸਭਾ 'ਚ ਬੋਲੇ ਹਰਪਾਲ ਚੀਮਾ, ਪੁਲਿਸ ਕਾਰਵਾਈ ਦੀ ਕੀਤੀ ਸਖ਼ਤ ਨਿੰਦਾ
ਚੰਡੀਗੜ੍ਹ, 3 ਅਗਸਤ 2026- ਪੰਜਾਬ ਵਿਧਾਨ ਸਭਾ ਦੇ ਨਵੇਂ ਸੈਸ਼ਨ ਦੇ ਪਹਿਲੇ ਹੀ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਨੀਟ (NEET) ਪ੍ਰੀਖਿਆ ਪੇਪਰ ਲੀਕ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦਾ ਮੁੱਦਾ ਭਖ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਕੇਂਦਰ ਦੀ ਭਾਰਤੀ ਜਨਤਾ ਪਾਰਟੀ (BJP) ਸਰਕਾਰ ਅਤੇ ਦਿੱਲੀ ਪੁਲਿਸ ਦੇ ਰਵਈਏ ਖ਼ਿਲਾਫ਼ ਇੱਕ ਸਖ਼ਤ ਨਿੰਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੂਰਨ ਸਮਰਥਨ ਕੀਤਾ।
ਵਿਧਾਨ ਸਭਾ ਵਿੱਚ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਅੱਜ ਭਾਜਪਾ ਦੇ ਸ਼ਾਸਨਕਾਲ ਵਿੱਚ ਸਾਡੇ ਦੇਸ਼ ਦੇ ਬੱਚੇ ਅਤੇ ਭਵਿੱਖ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਨੇ ਆਖਿਆ ਕਿ ਦੇਸ਼ ਦਾ ਯੂਥ ਅਤੇ ਵਿਦਿਆਰਥੀ ਆਪਣੇ ਹੱਕਾਂ ਅਤੇ ਇਨਸਾਫ਼ ਲਈ ਆਵਾਜ਼ ਬੁਲੰਦ ਕਰ ਰਹੇ ਹਨ, ਪਰ ਉਨ੍ਹਾਂ ਦੀ ਸੁਣਵਾਈ ਕਰਨ ਦੀ ਬਜਾਏ ਉਨ੍ਹਾਂ 'ਤੇ ਜਬਰ ਢਾਹਿਆ ਜਾ ਰਹਾ ਹੈ।
ਚੀਮਾ ਨੇ ਕਿਹਾ, "ਜਦੋਂ ਦੇਸ਼ ਦੇ ਭਵਿੱਖ ਯਾਨੀ ਵਿਦਿਆਰਥੀਆਂ ਨੇ ਆਪਣੇ ਹੱਕ ਅਤੇ ਇਨਸਾਫ਼ ਮੰਗਿਆ, ਤਾਂ ਉਨ੍ਹਾਂ ਨੂੰ ਦਿੱਲੀ ਪੁਲਿਸ ਵੱਲੋਂ ਭਾਰੀ ਲਾਠੀਚਾਰਜ, ਪੈਲੇਟ ਗਨ ਅਤੇ ਇੱਥੋਂ ਤੱਕ ਕਿ AK-47 ਦੀਆਂ ਗੋਲੀਆਂ ਦਾ ਸਾਹਮਣਾ ਕਰਨਾ ਪਿਆ।" ਉਨ੍ਹਾਂ ਦਾਅਵਾ ਕੀਤਾ ਕਿ ਪ੍ਰਦਰਸ਼ਨ ਵਾਲੀ ਥਾਂ ਤੋਂ AK-47 ਦੀਆਂ ਗੋਲੀਆਂ ਵੀ ਬਰਾਮਦ ਹੋਈਆਂ ਹਨ, ਜੋ ਕਿ ਬਹੁਤ ਹੀ ਚਿੰਤਾਜਨਕ ਅਤੇ ਸ਼ਰਮਨਾਕ ਗੱਲ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਜੰਤਰ-ਮੰਤਰ 'ਤੇ ਵੱਖ-ਵੱਖ ਰਾਜਾਂ ਤੋਂ ਆਏ ਵਿਦਿਆਰਥੀ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਚੀਮਾ ਨੇ ਦੱਸਿਆ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਵਿਦਿਆਰਥੀਆਂ ਉੱਤੇ ਦਿੱਲੀ ਪੁਲਿਸ ਵੱਲੋਂ ਬੇਰਹਮੀ ਨਾਲ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਨਾਬਾਲਗ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰ ਦਿੱਤੇ ਗਏ।
ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਪਲੇਟਫਾਰਮ ਤੋਂ ਮੰਗ ਕੀਤੀ ਕਿ, ਨਾਬਾਲਗ ਅਤੇ ਹੋਰ ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤੇ ਗਏ ਸਾਰੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ। ਗ੍ਰਿਫ਼ਤਾਰ ਕੀਤੇ ਗਏ ਸਮੂਹ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ।
ਆਪਣੇ ਭਾਸ਼ਣ ਦੌਰਾਨ ਹਰਪਾਲ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀ ਤਿੱਖਾ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਦੇਸ਼ ਦਾ ਯੂਥ ਸੜਕਾਂ 'ਤੇ ਰੋ ਰਿਹਾ ਹੈ ਅਤੇ ਆਪਣੇ ਭਵਿੱਖ ਦੀ ਭੀਖ ਮੰਗ ਰਿਹਾ ਹੈ, ਪਰ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਅੱਜ-ਕੱਲ੍ਹ ਸੋਸ਼ਲ ਮੀਡੀਆ 'ਤੇ ਰੀਲਾਂ ਬਣਾਉਣ ਵਿੱਚ ਮਸਰੂਫ਼ ਹਨ। ਬੱਚਿਆਂ ਦੇ ਇਸ ਵਿਰੋਧ ਅਤੇ ਦੇਸ਼ ਭਰ ਵਿੱਚ ਉੱਠੀ ਆਵਾਜ਼ ਨੇ ਪ੍ਰਧਾਨ ਮੰਤਰੀ ਨੂੰ ਇਹ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਦੇਸ਼ ਦਾ ਯੂਥ ਹੁਣ ਚੁੱਪ ਨਹੀਂ ਬੈਠੇਗਾ।
ਹਰਪਾਲ ਚੀਮਾ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਅੰਦਰ ਜੋ ਵੀ ਹੋਇਆ, ਉਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੂਰੀ ਦੁਨੀਆ ਨੇ ਦੇਖੀਆਂ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਅੱਜ ਪੂਰੇ ਦੇਸ਼ ਦੇ ਵਿਦਿਆਰਥੀ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਇੱਕਜੁੱਟ ਹੋ ਚੁੱਕੇ ਹਨ। ਪੰਜਾਬ ਵਿਧਾਨ ਸਭਾ ਵਿੱਚ ਇਸ ਮਤੇ ਨੂੰ ਸਰਬਸੰਮਤੀ ਨਾਲ ਗੰਭੀਰਤਾ ਨਾਲ ਲਿਆ ਗਿਆ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੀਮਾ ਦੇ ਬਿਆਨਾਂ ਦਾ ਪੂਰਾ ਸਮਰਥਨ ਕਰਦਿਆਂ ਵਿਦਿਆਰਥੀਆਂ ਨਾਲ ਖੜ੍ਹਨ ਦਾ ਭਰੋਸਾ ਦਿਵਾਇਆ।
- Download Babushahi App
-
-