BREAKING- ਚੰਡੀਗੜ੍ਹ 'ਚ ਫਾਰਮੇਸੀ ਪੇਪਰ ਲੀਕ ਮਾਮਲੇ 'ਤੇ ABVP ਤੇ ਯੂਥ ਕਾਂਗਰਸ ਦਾ ਹੱਲਾ ਬੋਲ, ਵਿਧਾਨ ਸਭਾ ਵੱਲ ਕੂਚ ਦੌਰਾਨ ਪੁਲਿਸ ਨਾਲ ਝੜਪ
Babushahi Network
ਚੰਡੀਗੜ੍ਹ, 5 ਅਗਸਤ 2026: ਪੰਜਾਬ ਵਿੱਚ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਅਤੇ ਯੂਥ ਕਾਂਗਰਸ ਵੱਲੋਂ ਵੱਖ-ਵੱਖ ਥਾਵਾਂ ਤੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਦੋਵੇਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਵਿਧਾਨ ਸਭਾ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ।
ਪ੍ਰਦਰਸ਼ਨ ਦੌਰਾਨ ਪੁਲਿਸ ਨੇ ਵਿਧਾਨ ਸਭਾ ਵੱਲ ਜਾਣ ਵਾਲੇ ਰਸਤੇ 'ਤੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ। ਇਸ ਦੌਰਾਨ ਕਈ ਵਰਕਰ ਬੈਰੀਕੇਡਾਂ 'ਤੇ ਚੜ੍ਹ ਗਏ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ, ਜਿਸ ਕਾਰਨ ਕੁਝ ਸਮੇਂ ਲਈ ਸਥਿਤੀ ਤਣਾਅਪੂਰਨ ਬਣ ਗਈ। ਹਾਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਕਰਨਾ ਪਿਆ। ਇਸ ਤੋਂ ਇਲਾਵਾ ਕਈ ਪ੍ਰਦਰਸ਼ਨਕਾਰੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।
ਜਾਣਕਾਰੀ ਅਨੁਸਾਰ, ਏਬੀਵੀਪੀ ਅਤੇ ਯੂਥ ਕਾਂਗਰਸ ਦੋਵੇਂ ਪੰਜਾਬ ਵਿੱਚ ਕਥਿਤ ਤੌਰ 'ਤੇ ਲੀਕ ਹੋਏ ਫਾਰਮੇਸੀ ਪੇਪਰ ਦੇ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੇ ਹਨ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਪੇਪਰ ਲੀਕ ਕਾਰਨ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ ਅਤੇ ਸਰਕਾਰ ਇਸ ਮਾਮਲੇ ਵਿੱਚ ਨਾਕਾਮ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ੇ ਦੀ ਮੰਗ ਵੀ ਕੀਤੀ। ਪੁਲਿਸ ਵੱਲੋਂ ਸਥਿਤੀ 'ਤੇ ਕਾਬੂ ਪਾਉਣ ਤੋਂ ਬਾਅਦ ਮਾਹੌਲ ਸ਼ਾਂਤ ਹੋ ਗਿਆ, ਹਾਲਾਂਕਿ ਮਾਮਲੇ ਨੂੰ ਲੈ ਕੇ ਸਿਆਸੀ ਤਾਪਮਾਨ ਹੋਰ ਵੱਧਣ ਦੇ ਆਸਾਰ ਹਨ।
- Download Babushahi App
-
-