ਸਰਕਾਰੀ ਸਕੂਲ ਦੇ 6 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ
ਕਿਹਾ-ਮਿਆਰੀ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਵੱਲ ਪੰਜਾਬ ਸਰਕਾਰ ਦਾ ਇੱਕ ਹੋਰ ਇਤਿਹਾਸਕ ਕਦਮ
ਰੋਹਿਤ ਗੁਪਤਾ
ਗੁਰਦਾਸਪੁਰ, 6 ਅਗਸਤ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਅੱਜ 'ਸਕੂਲ ਆਫ਼ ਐਮੀਨੈਂਸ ਯੋਜਨਾ' ਅਧੀਨ ਗੁਰਦਾਸਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ 6 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਜਗਜੀਤ ਸਿੰਘ ਪਿੰਟਾ, ਸੀਨੀਅਰ ਆਗੂ ਗਗਨ ਮਹਾਜਨ, ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸ) , ਡਾ. ਅਸ਼ਵਨੀ ਭੱਲਾ, ਪਿ੍ੰਸੀਪਲ ਸਰਕਾਰੀ ਕਾਲਜ ਗੁਰਦਾਸਪੁਰ ਸਮੇਤ ਸਕੂਲ ਸਟਾਫ ਮੌਜੂਦ ਸੀ।
ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਮਿਆਰੀ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਵੱਲ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਿਆ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਲਗਾਤਾਰ ਨਿਵੇਸ਼ ਨੇ ਸਰਕਾਰੀ ਸਕੂਲਾਂ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਹੈ ਅਤੇ ਬਿਹਤਰ ਬੁਨਿਆਦੀ ਢਾਂਚੇ, ਵਿਦੇਸ਼ਾਂ ‘ਚ ਅਧਿਆਪਕਾਂ ਦੀ ਸਿਖਲਾਈ ਅਤੇ ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਕਰਕੇ ਮਾਪਿਆਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ।
ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਪੰਜਾਬ ਦੇਸ਼ ਭਰ ਵਿੱਚ ਸਕੂਲੀ ਸਿੱਖਿਆ ਵਿੱਚ 27ਵੇਂ ਸਥਾਨ ਤੋਂ ਵੱਡੀ ਪੁਲਾਂਘ ਪੁੱਟ ਕੇ ਪਹਿਲੇ ਨੰਬਰ ’ਤੇ ਪਹੁੰਚ ਗਿਆ ਹੈ, ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਇੱਕ ਸਿਹਤਮੰਦ, ਸਿੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਾਲ ਸਾਡੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ ਜਦੋਂ ਕਿ 125 ਤੋਂ ਵੱਧ ਨੇ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਅਸੀਂ ਉਸ "ਰੰਗਲੇ ਪੰਜਾਬ" ਦਾ ਨਿਰਮਾਣ ਕਰ ਰਹੇ ਹਾਂ ਜਿਸ ਦਾ ਸਾਡੇ ਬੱਚੇ ਸੁਪਨਾ ਦੇਖਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।
- Download Babushahi App
-
-