ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵੱਲੋਂ ਬਠਿੰਡਾ ਵਿੱਚ ਸਕੀਮਾਂ ਦਾ ਜਾਇਜ਼ਾ
ਅਸ਼ੋਕ ਵਰਮਾ
ਬਠਿੰਡਾ, 12 ਅਗਸਤ 2026 :ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਅੱਜ ਜ਼ਿਲ੍ਹਾ ਬਠਿੰਡਾ ਵਿੱਚ ਪੁੱਜੇ ਅਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨੌਜਵਾਨਾਂ ਦੇ ਰੋਜ਼ਗਾਰ ਅਤੇ ਹੁਨਰ ਵਿਕਾਸ ਲਈ ਦੀਨ ਦਿਆਲ ਉਪਾਧਿਆਏ ਕੌਸ਼ਲ ਵਿਕਾਸ ਯੋਜਨਾ, ਬਜ਼ੁਰਗਾਂ ਲਈ ਭਲਾਈ ਯੋਜਨਾਵਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਪੌਕਸੋ ਮਾਮਲਿਆਂ ਦੀ ਸਥਿਤੀ, ਨਮਸਤੇ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਮੇਤ ਵੱਖ ਵੱਖ ਸਕੀਮਾਂ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ।
ਸ੍ਰੀ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇ।ਮੀਡੀਆ ਨਾਲ ਗੱਲ ਕਰਦੇ ਹੋਏ ਉਨ੍ਹਾ ਕਿਹਾ ਕਿਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਉਹ ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ 'ਤੇ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਭੁੱਚੋ ਅਤੇ ਰਾਮਪੁਰਾ ਫੂਲ ਦਾ ਦੌਰਾ ਕੀਤਾ। ਭੁੱਚੋ ਵਿਖੇ ਦੌਰੇ 'ਚ ਉਹ ਕਰੀਬ 100 ਪਰਿਵਾਰਾਂ ਨੂੰ ਮਿਲੇ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਿਦਾਇਤ ਕੀਤੀ ਇਨ੍ਹਾਂ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਬਣਾ ਕੇ ਦੇਣ ਸਬੰਧੀ ਰਿਪੋਰਟ ਅਗਲੇ 10 ਦਿਨਾਂ ਚ ਕਮਿਸ਼ਨ ਕੋਲ ਜਮ੍ਹਾ ਕਰਵਾਈ ਜਾਵੇ। ਇਸੇ ਤਰ੍ਹਾਂ ਰਾਮਪੁਰਾ ਫੂਲ ਵਿਖੇ ਮਰੇ ਜਾਨਵਰਾਂ ਨੂੰ ਚੁੱਕਣ ਸਬੰਧੀ ਸਹੂਲਤ ਦੇਣ ਲਈ ਇਕ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਜਮ੍ਹਾ ਕਰਵਾਉਣ ਸਬੰਧੀ ਹਿਦਾਇਤ ਵੀ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਸ਼੍ਰੀ ਗੁਰਜਿੰਦਰ ਪਾਲ ਸਿੰਘ, ਉਪ ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਸ਼੍ਰੀ ਅਭਿਨਵ ਤੋਂ ਇਲਾਵਾ ਵੱਖ-ਵੱਖ ਦੇ ਅਧਿਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।
- Download Babushahi App
-
-