Big Breaking- ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਨਾਂਦੇੜ ਸਾਹਿਬ, 14 ਅਗਸਤ 2026- ਸ੍ਰੀ ਨਾਂਦੇੜ ਸਾਹਿਬ ਵਿਖੇ ਬੀਤੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਕਰੀਬ 24 ਘੰਟਿਆਂ ਦੀ ਡਾਕਟਰੀ ਨਿਗਰਾਨੀ ਹੇਠ ਰੱਖਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਤੋਂ ਬਾਹਰ ਆਉਂਦਿਆਂ ਸੁਖਬੀਰ ਬਾਦਲ ਨੇ ਹਮਲੇ ਬਾਰੇ ਆਪਣਾ ਪਹਿਲਾ ਬਿਆਨ ਦਿੱਤਾ ਅਤੇ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਤੋਂ ਡਰਨ ਵਾਲੇ ਨਹੀਂ ਹਨ।
ਸੁਖਬੀਰ ਬਾਦਲ ਨੇ ਕਿਹਾ, “ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ॥” ਉਨ੍ਹਾਂ ਕਿਹਾ ਕਿ ਉਨ੍ਹਾਂ ਉੱਪਰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਹੱਥ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਸਦਕਾ ਉਹ ਸੁਰੱਖਿਅਤ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਉਨ੍ਹਾਂ ’ਤੇ ਦੂਜੀ ਵਾਰ ਹਮਲਾ ਹੋਇਆ ਹੈ, ਪਰ ਉਹ ਨਾ ਪਹਿਲਾਂ ਕਦੇ ਡਰੇ ਹਨ ਅਤੇ ਨਾ ਹੀ ਹੁਣ ਡਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਅਤੇ ਪੰਥ ਦੀ ਸੇਵਾ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹੈ।
ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਉਨ੍ਹਾਂ ਦੇ ਹੌਸਲੇ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਸੁਖਬੀਰ ਬਾਦਲ ਨੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਹਮਲੇ ਤੋਂ ਬਾਅਦ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ।
- Download Babushahi App
-
-