ਤਰਨ ਤਾਰਨ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ 1-1 ਵਿਅਕਤੀ ਦੀ ਮੌਤ
Baljit Singh/ਬਾਬੂਸ਼ਾਹੀ ਬਿਊਰੋ
ਖੇਮਕਰਨ / ਭਿੱਖੀਵਿੰਡ (ਤਰਨ ਤਾਰਨ), 15 ਅਗਸਤ: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਪਹੂਵਿੰਡ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਝੜਪ ਨੇ ਖੂਨੀ ਰੂਪ ਧਾਰ ਲਿਆ। ਦੋਵਾਂ ਧਿਰਾਂ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲੀਆਂ ਦੌਰਾਨ ਦੋਵਾਂ ਧਿਰਾਂ ਦੇ 1-1 ਵਿਅਕਤੀ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਸਰਪੰਚ ਅਮਰਜੀਤ ਸਿੰਘ ਦੀ ਪਾਰਟੀ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਸੁਖਰਾਜ ਸਿੰਘ ਦੀ ਪਾਰਟੀ ਵਿਚਾਲੇ ਡੇਢ ਕਿੱਲਾ ਜ਼ਮੀਨ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਅਮਰਜੀਤ ਸਿੰਘ ਪਾਰਟੀ ਦਾ ਦਾਅਵਾ ਸੀ ਕਿ ਇਹ ਜ਼ਮੀਨ ਉਨ੍ਹਾਂ ਵੱਲੋਂ ਮੁੱਲ ਲਈ ਗਈ ਹੈ, ਜਦਕਿ ਸੁਖਰਾਜ ਸਿੰਘ ਧਿਰ ਇਸ 'ਤੇ ਆਪਣਾ ਹੱਕ ਜਤਾ ਰਹੀ ਸੀ। ਅੱਜ ਜਦੋਂ ਦੋਵੇਂ ਧਿਰਾਂ ਜ਼ਮੀਨ ਵਿੱਚ ਆਹਮੋ-ਸਾਹਮਣੇ ਹੋਈਆਂ ਤਾਂ ਤਕਰਾਰ ਤੋਂ ਬਾਅਦ ਅੰਧਾਧੁੰਦ ਗੋਲੀਬਾਰੀ ਸ਼ੁਰੂ ਹੋ ਗਈ।
ਇਸ ਗੋਲੀਬਾਰੀ ਦੌਰਾਨ ਇੱਕ ਧਿਰ ਦੇ ਸੁਖਰਾਜ ਸਿੰਘ ਦੇ ਸਿਰ ਵਿੱਚ ਗੋਲੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੀ ਧਿਰ ਦੇ ਨਿਰਮਲ ਸਿੰਘ (ਭਰਾ ਸਾਬਕਾ ਸਰਪੰਚ ਅਮਰਜੀਤ ਸਿੰਘ) ਦੇ ਤਿੰਨ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਵੀ ਜਾਨ ਚਲੀ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ. ਅਤੁਲ ਸੋਨੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਦੋਵਾਂ ਧਿਰਾਂ ਖ਼ਿਲਾਫ਼ 107/151 ਤਹਿਤ ਕਾਰਵਾਈ ਕੀਤੀ ਗਈ ਸੀ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਸਬੰਧਤ ਧਿਰਾਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।
- Download Babushahi App
-
-