ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ - ਧਨੇਰ
ਅਸ਼ੋਕ ਵਰਮਾ
ਬਰਨਾਲਾ, 20 ਅਗਸਤ 2026: ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਉੱਪਰ ਖੁਦਕਸ਼ੀ ਲਈ ਉਕਸਾਉਣ ਦਾ ਪਰਚਾ ਦਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਮੇਂ ਤੋਂ ਹੀ ਪੱਤਰਕਾਰਾਂ ਅਤੇ ਸਿਆਸੀ ਵਿਰੋਧੀਆਂ ਦੀ ਆਵਾਜ਼ ਦਬਾਉਣ ਦਾ ਯਤਨ ਕਰ ਰਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੱਤਰਕਾਰਾਂ ਖਿਲਾਫ ਕੇਸ ਦਰਜ ਕਰਕੇ ਜਾਂ ਹੱਕ ਮੰਗਦੇ ਲੋਕਾਂ ਤੇ ਜਬਰ ਕਰਕੇ ਉਹਨਾਂ ਦੀ ਆਵਾਜ਼ ਨੂੰ ਦਬਾਅ ਲੈਣ ਦਾ ਭਰਮ ਛੱਡ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਪੱਤਰਕਾਰਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਇਸ਼ਾਰਿਆਂ ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਦੇ ਉਨ੍ਹਾਂ ਦੇ ਚੈਨਲ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਕਦੇ ਕੰਟੈਂਟ ਹਟਾਉਣ ਲਈ ਕਿਹਾ ਜਾਂਦਾ ਹੈ।
ਸੂਬਾ ਕਮੇਟੀ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅਜਿਹੀਆਂ ਘਿਨਾਉਣੀਆਂ ਹਰਕਤਾਂ ਤੋਂ ਬਾਜ ਆਵੇ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਲੋਕਾਂ ਦੀ ਆਵਾਜ਼ ਬਣਨ ਵਾਲੀਆਂ ਇਨ੍ਹਾਂ ਕਲਮਾਂ ਦਾ ਪੂਰੀ ਦ੍ਰਿੜਤਾ ਨਾਲ ਸਾਥ ਦਿੱਤਾ ਜਾਵੇਗਾ।
- Download Babushahi App
-
-