ਕਿਸਾਨ ਵਿਗਿਆਨੀ ਪ੍ਰੋਗਰਾਮ ਤਹਿਤ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਅਸ਼ੋਕ ਵਰਮਾ
ਬਠਿੰਡਾ, 22 ਅਗਸਤ 2026: ਅੰਬੂਜਾ ਫਾਊਂਡੇਸ਼ਨ ਵੱਲੋਂ ਬੈਟਰ ਕਾਟਨ ਇਨੀਸ਼ੀਏਟਿਵ (Better Cotton Initiative) ਦੇ ਤਹਿਤ ਪਿੰਡ ਚੱਕ ਰੁਲਦੂ ਸਿੰਘ ਵਾਲਾ, ਗੱਗੜ ਅਤੇ ਪੰਜਾਵਾ ਵਿੱਚ ਕਿਸਾਨ-ਵਿਗਿਆਨੀ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਡਾ.ਵਿਜੈ ਕੁਮਾਰ, ਸੀਨੀਅਰ ਪ੍ਰਿੰਸੀਪਲ ਵਿਗਿਆਨੀ (ਕੀਟ ਵਿਗਿਆਨ), ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਤੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ।ਪ੍ਰੋਗਰਾਮ ਦੌਰਾਨ ਡਾ.ਵਿਜੈ ਕੁਮਾਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਪਾਏ ਜਾਣ ਵਾਲੇ ਹਾਨੀਕਾਰਕ ਅਤੇ ਲਾਭਕਾਰੀ ਕੀੜਿਆਂ ਦੀ ਪਛਾਣ, ਉਨ੍ਹਾਂ ਦੇ ਜੀਵਨ ਚੱਕਰ ਅਤੇ ਵਿਗਿਆਨਕ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀ ਗਈ ਮਾਤਰਾ ਅਤੇ ਸਮੇਂ ਸਿਰ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਉਤਪਾਦਨ ਵਿੱਚ ਵਾਧਾ ਹੋ ਸਕੇ ਅਤੇ ਬੇਲੋੜੇ ਖਰਚਿਆਂ ਤੋਂ ਬਚਿਆ ਜਾ ਸਕੇ।
ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਨਰਮੇ ਦੀ ਫਸਲ ਦੇ ਮੁੱਖ ਕੀਟ ਗੁਲਾਬੀ ਸੁੰਡੀ ਦੇ ਜੀਵਨ ਚੱਕਰ, ਸਮੇਂ ਸਿਰ ਪਛਾਣ ਅਤੇ ਇਸ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਫੇਰੋਮੋਨ ਟਰੈਪਾਂ ਦੀ ਮਹੱਤਤਾ, ਉਨ੍ਹਾਂ ਦੀ ਸਹੀ ਵਰਤੋਂ ਅਤੇ ਗੁਲਾਬੀ ਸੁੰਡੀ ਦੀ ਨਿਗਰਾਨੀ ਅਤੇ ਕੰਟਰੋਲ ਵਿੱਚ ਹੋਣ ਵਾਲੇ ਫਾਇਦਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਅਤੇ ਨਰਮੇ ਦੀ ਫਸਲ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਮਾਹਿਰਾਂ ਨਾਲ ਸਾਂਝੀਆਂ ਕਰਕੇ ਉਨ੍ਹਾਂ ਦੇ ਵਿਗਿਆਨਕ ਹੱਲ ਪ੍ਰਾਪਤ ਕੀਤੇ। ਅੰਬੂਜਾ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕਿਸਾਨਾਂ ਤੱਕ ਨਵੀਆਂ ਖੇਤੀ ਤਕਨੀਕਾਂ ਅਤੇ ਮਾਹਿਰਾਂ ਦੀ ਜਾਣਕਾਰੀ ਪਹੁੰਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਅਤੇ ਫਸਲੀ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕੇ।
- Download Babushahi App
-
-