ਡੇਰਾ ਮੁਖੀ ਨੂੰ ਬਾਰ-ਬਾਰ ਪੈਰੋਲ ਪਰ ਬੰਦੀ ਸਿੰਘਾਂ ਨਾਲ ਧੱਕਾ ਕਿਉਂ?, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਚੁੱਕੇ ਗੰਭੀਰ ਸਵਾਲ
ਕਮਲਜੀਤ ਸਿੰਘ
ਬਰਨਾਲਾ, 25 ਅਗਸਤ 2026 -
ਡੇਰਾ ਸੱਚਾ ਸੌਦਾ (ਸਿਰਸਾ) ਮੁਖੀ ਰਾਮ ਰਹੀਮ ਨੂੰ ਬਾਰ-ਬਾਰ ਮਿਲ ਰਹੀ ਪੈਰੋਲ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ 'ਬੰਦੀ ਸਿੰਘਾਂ' ਦੀ ਅਣਦੇਖੀ 'ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਡੂੰਘੀ ਚਿੰਤਾ ਅਤੇ ਰੋਸ ਪ੍ਰਗਟਾਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਦੋਸ਼ ਲਾਇਆ ਕਿ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਸ਼ਰੇਆਮ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਵਾਲ ਕੀਤਾ ਕਿ ਜੇਕਰ ਸੰਗੀਨ ਅਪਰਾਧਾਂ ਦੇ ਦੋਸ਼ੀ ਸਿਰਸਾ ਡੇਰਾ ਮੁਖੀ ਨੂੰ 17-17 ਵਾਰ ਪੈਰੋਲ ਦੇ ਕੇ ਜੇਲ੍ਹ ਤੋਂ ਬਾਹਰ ਭੇਜਿਆ ਜਾ ਸਕਦਾ ਹੈ, ਤਾਂ 35-35 ਸਾਲਾਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਤੱਕ ਕਿਉਂ ਨਹੀਂ ਦਿੱਤੀ ਜਾ ਰਹੀ?
ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਮਾਤਾ ਜੀ ਬਹੁਤ ਬੀਮਾਰ ਹਨ। ਮਾਨਵੀ ਅਧਿਕਾਰਾਂ ਅਤੇ ਇਨਸਾਨੀਅਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਮੰਗ ਕੀਤੀ ਕਿ ਭਾਈ ਹਵਾਰਾ ਨੂੰ ਆਪਣੀ ਬ੍ਰੋਧ ਮਾਂ ਦੀ ਦੇਖਭਾਲ ਲਈ ਤੁਰੰਤ ਪੈਰੋਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇੱਕ ਮਾਂ ਨੂੰ ਆਪਣੇ ਪੁੱਤਰ ਨਾਲ ਮਿਲਣ ਤੋਂ ਵਾਂਝਾ ਰੱਖਣਾ ਮਨੁੱਖੀ ਅਧਿਕਾਰਾਂ ਦਾ ਸ਼ਰੇਆਮ ਘਾਣ ਹੈ।
ਇਸ ਤੋਂ ਇਲਾਵਾ, ਜਥੇਦਾਰ ਗੜਗੱਜ ਨੇ ਹੋਰ ਪ੍ਰਮੁੱਖ ਬੰਦੀ ਸਿੰਘਾਂ—ਜਿਵੇਂ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ—ਦੀ ਰਿਹਾਈ ਵਿੱਚ ਹੋ ਰਹੀ ਦੇਰੀ 'ਤੇ ਵੀ ਸਖ਼ਤ ਸਵਾਲ ਚੁੱਕੇ। ਉਨ੍ਹਾਂ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਮਾਮਲੇ ਅਤੇ ਪ੍ਰੋ. ਭੁੱਲਰ ਦੀ ਰਿਹਾਈ ਨਾਲ ਸਬੰਧਤ ਫਾਈਲਾਂ ਨੂੰ ਦਿੱਲੀ ਸਰਕਾਰ ਵੱਲੋਂ ਰੋਕੇ ਜਾਣ 'ਤੇ ਵੀ ਰੋਸ ਜਤਾਇਆ।
ਅੰਤ ਵਿੱਚ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੇ ਸਿੱਖ ਪੰਥ, ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੀਆਂ ਸੰਸਥਾਵਾਂ ਦੀ ਆਵਾਜ਼ ਨੂੰ ਦੁਹਰਾਉਂਦਿਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੱਖਪਾਤੀ ਰਵੱਈਆ ਛੱਡ ਕੇ ਮਨੁੱਖਤਾ ਦੇ ਆਧਾਰ 'ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੂਹ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਯਕੀਨੀ ਬਣਾਉਣ।
- Download Babushahi App
-
-